ਫਾਜ਼ਿਲਕਾ ਨੂੰ 46 ਕਰੋੜ ਰੁਪਏ ਦੇ ਸੱਤ ਵਿਕਾਸ ਤੇ ਸਿੰਚਾਈ ਪ੍ਰਾਜੈਕਟਾਂ ਦੀ ਸੌਗਾਤ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਤੇ ਨੀਂਹ ਪੱਥਰ ਰੱਖੇ ਫਾਜ਼ਿਲਕਾ, 24 ਜੂਨ (ਹਿੰ.ਸ.)| ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਹਲਕੇ ਦੇ ਲੋਕਾਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬ
ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਤੇ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ।


ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਤੇ ਨੀਂਹ ਪੱਥਰ ਰੱਖੇ

ਫਾਜ਼ਿਲਕਾ, 24 ਜੂਨ (ਹਿੰ.ਸ.)| ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਹਲਕੇ ਦੇ ਲੋਕਾਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਕੈਬਨਿਟ ਮੰਤਰੀ ਨੇ 33.51 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ-ਨਾਲ ਨਵੇਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ।

ਇਨ੍ਹਾਂ ਪ੍ਰਾਜੈਕਟਾਂ ਵਿੱਚ 42.56 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ, 81.36 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨਾ, ਸਾਂਝੀ ਜ਼ਮੀਨਦੋਜ਼ ਪਾਈਪਲਾਈਨ ਯੋਜਨਾ ਅਤੇ ਸੇਮ-ਗ੍ਰਸਤ ਜ਼ਮੀਨਾਂ ਦੇ ਸੁਧਾਰ ਨਾਲ ਸਬੰਧਿਤ ਕੰਮ ਸ਼ਾਮਲ ਹਨ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੇਲਾਂ 'ਤੇ ਪਾਣੀ ਦੀ ਉਪਲਬਧਤਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਤੱਕ ਪਹੁੰਚੀ ਹੈ।

ਇਸ ਦੌਰਾਨ ਉਨ੍ਹਾਂ ਸਤਲੁਜ ਕਰੀਕ 'ਤੇ ਪਿੰਡ ਵੱਲੇ ਸ਼ਾਹ ਉਤਾੜ ਅਤੇ ਵੱਲੇ ਸ਼ਾਹ ਹਿਠਾੜ ਨੂੰ ਜੋੜਨ ਵਾਲੇ 8.89 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੀ.ਆਰ. ਬਰਿੱਜ ਦਾ ਨੀਂਹ ਪੱਥਰ ਵੀ ਰੱਖਿਆ। ਕਰੀਬ 370 ਫੁੱਟ ਲੰਬਾ ਇਹ ਪੁਲ ਜੂਨ 2027 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੇ ਬਣਨ ਨਾਲ 11 ਤੋਂ 12 ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਜਲਾਲਾਬਾਦ ਤੱਕ ਦਾ ਸਫ਼ਰ 15 ਤੋਂ 20 ਕਿਲੋਮੀਟਰ ਘੱਟ ਹੋ ਜਾਵੇਗਾ।

ਇਸ ਤੋਂ ਇਲਾਵਾ ਭੂਮੀ ਅਤੇ ਜਲ ਸੰਭਾਲ ਵਿਭਾਗ ਅਧੀਨ ਸਾਂਝੀ ਜ਼ਮੀਨਦੋਜ਼ ਪਾਈਪਲਾਈਨ ਅਤੇ ਸੋਲਰ ਪੰਪਾਂ ਰਾਹੀਂ ਸੇਮ-ਗ੍ਰਸਤ ਜ਼ਮੀਨਾਂ ਦੇ ਸੁਧਾਰ ਲਈ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਗਏ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਦੇਣ ਦੇ ਨਾਲ-ਨਾਲ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਹੋਰ ਮਜ਼ਬੂਤ ਕਰਨਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande