
ਬਠਿੰਡਾ, 24 ਜੂਨ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਪੰਚਾਂ ਨੂੰ ਸਨਮਾਨ ਦੇਣ ਲਈ ਵੱਡਾ ਐਲਾਨ ਕਰਦਿਆਂ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਪੰਜਾਬ ਦੇ ਹਰ ਸਰਪੰਚ ਨੂੰ 2,000 ਰੁਪਏ ਦੀ ਥਾਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ।
ਬਠਿੰਡਾ ਵਿਖੇ ਕਰਵਾਈ ਗਈ ਸਰਪੰਚ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚ ਲੋਕਤੰਤਰ ਦੀ ਪਹਿਲੀ ਕੜੀ ਹਨ ਅਤੇ ਉਹ ਦਿਨ-ਰਾਤ ਆਪਣੇ ਪਿੰਡਾਂ ਦੀ ਸੇਵਾ ਕਰਦੇ ਹਨ। ਇਸ ਲਈ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਸਨਮਾਨ ਕਰਨਾ ਸਰਕਾਰ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਪੰਜਾਬ ਦੀ ਤਰੱਕੀ ਦੀ ਨੀਂਹ ਹੈ ਅਤੇ ਸਰਕਾਰ ਪੇਂਡੂ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਪੈਸੇ ਦੀ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਵਰਤੋਂ ਯਕੀਨੀ ਬਣਾਉਣ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ ਮਾਣਭੱਤਾ ਦੇਣ ਦੇ ਵਾਅਦੇ ਕੀਤੇ ਪਰ ਉਹ ਕਦੇ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ 2,000 ਰੁਪਏ ਮਾਣਭੱਤਾ ਦੇਣਾ ਸ਼ੁਰੂ ਕੀਤਾ ਅਤੇ ਹੁਣ ਇਸ ਨੂੰ ਵਧਾ ਕੇ 10,000 ਰੁਪਏ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਸਰਪੰਚਾਂ ਦੀ ਜ਼ਿੰਮੇਵਾਰੀ ਸਿਰਫ਼ ਵਿਕਾਸ ਕਾਰਜ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਪਿੰਡਾਂ ਵਿੱਚ ਭਾਈਚਾਰਕ ਸਾਂਝ, ਅਮਨ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਵੀ ਹੈ।
ਉਨ੍ਹਾਂ ਸਰਪੰਚਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਅਗਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੀ ਕੰਮ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਧੜੇਬੰਦੀ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਸਰਪੰਚ ਕਿਸੇ ਇੱਕ ਧਿਰ ਦਾ ਨਹੀਂ, ਸਗੋਂ ਪੂਰੇ ਪਿੰਡ ਦਾ ਹੁੰਦਾ ਹੈ ਅਤੇ ਉਸ ਨੂੰ ਹਰ ਵਿਅਕਤੀ ਨਾਲ ਬਰਾਬਰੀ ਦਾ ਸਲੂਕ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਨੂੰ ਵੱਡੀ ਮਾਤਰਾ ਵਿੱਚ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੀ ਵਰਤੋਂ ਲਾਇਬ੍ਰੇਰੀਆਂ, ਸਕੂਲਾਂ, ਸੋਲਰ ਲਾਈਟਾਂ ਅਤੇ ਹੋਰ ਲੋਕ ਭਲਾਈ ਦੇ ਕੰਮਾਂ ਲਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਇੱਕ ਮਜ਼ਬੂਤ ਪੁਲ ਹਨ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਰਪੰਚਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH