
ਬਠਿੰਡਾ, 26 ਜੂਨ (ਹਿੰ.ਸ.)। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਚ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਕੀਤੀ। ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ, ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਬਣਾਏ ਜ਼ਿਲ੍ਹਾ ਅਤੇ ਹਲਕਾ ਕੋਆਡੀਨੇਟਰਾਂ ਨਾਲ ਮੀਟਿੰਗ ਦੌਰਾਨ ਉਸ ਮੁਹਿੰਮ ਦੇ ਸਾਰੇ ਪਹਿਲੂਆਂ ਬਾਰੇ ਸਮੀਖਿਆ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਨਸ਼ਾ ਮੁਕਤੀ ਮੋਰਚਾ” ਦੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਬਠਿੰਡਾ (ਦਿਹਾਤੀ) ਹਲਕਾ ਇੰਚਾਰਜ ਜਸਜਿੰਦਰ ਸਿੰਘ ਸ਼ਿੰਦਾ ਵੀ ਮੌਜੂਦ ਸਨ। ਯੁੱਧ ਨਸ਼ਿਆਂ ਵਿਰੁੱਧ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਸ਼ਾ ਤਸਕਰਾਂ 'ਤੇ ਨਕੇਲ ਕਸਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਜੰਗ ਵਿੱਚ ਸਿਵਲ ਤੇ ਪੁਲਿਸ ਪ੍ਰਸ਼ਾਸਨ, ਡਾਕਟਰ, ਮੈਡੀਕਲ ਟੀਮਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਤੇ ਮਾਪੇ ਆਪਣਾ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦਾ ਪੂਰੀ ਤਰ੍ਹਾ ਨਾਲ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਰਿਵਾਰਿਕ ਪੱਧਰ ਉੱਤੇ ਵੀ ਮਾਤਾ ਪਿਤਾ ਅਤੇ ਦਾਦੀ ਦਾਦਾ ਨੂੰ ਆਪਣੇ ਬੱਚਿਆਂ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਗੱਲਬਾਤ ਕਰਨੀ ਚਾਹੀਦੀ ਹੈ। ਇਸ ਮੁਹਿੰਮ ਨੂੰ ਲੋਕ ਲਹਿਰ ਬਣਾ ਕੇ ਪੰਜਾਬ ਦਾ ਹਰ ਇੱਕ ਜ਼ਿੰਮੇਵਾਰ ਨਾਗਰਿਕ ਇਸ ਮੁਹਿੰਮ ਤਹਿਤ ਆਪਣਾ ਵੱਡਮੁੱਲਾ ਯੋਗਦਾਨ ਪਾਵੇ।
“ਨਸ਼ਾ ਮੁਕਤੀ ਮੋਰਚਾ” ਦੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਮੀਟਿੰਗ ਦੌਰਾਨ ਕਿਹਾ ਕਿ ਨਸ਼ਿਆਂ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕੇ ਸਾਰੇ ਵਿਭਾਗ ਆਪਸੀ ਤਾਲਮੇਲ ਜ਼ਰੂਰ ਰੱਖਣ।
ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹੇ ਚ ਯੁੱਧ ਨਸ਼ਿਆਂ ਵਿਰੁੱਧ ਹੇਠਾਂ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਡੱਟ ਕੇ ਕੰਮ ਕੀਤਾ ਜਾ ਰਿਹਾ ਹੈ। ਨੌਜਵਾਨ ਵਰਗ ਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਅਦਾਰਿਆਂ ਅਤੇ ਯੂਥ ਕਲੱਬਾਂ ਵਿਖੇ ਸੈਮੀਨਾਰ, ਨਾਟਕ ਆਦਿ ਕਰਵਾਏ ਜਾਂਦੇ ਹਨ।
ਗੁਰਪ੍ਰੀਤ ਸਿੰਘ ਡੀ.ਐੱਸ.ਪੀ. ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਹੁਣ ਤੱਕ 2700 ਐਫ. ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੇਫ ਪੰਜਾਬ ਹੈਲਪਲਾਇਨ ਤਹਿਤ 1215 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 978 ਤਹਿਤ ਐਫ.ਆਈ.ਆਰ. ਦਰਜ ਕੀਤੀਆਂ ਗਈਆਂ । ਨਾਲ ਹੀ 5583 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਖੇ ਦਾਖ਼ਲ ਕਰਵਾਈਆ ਗਿਆ ਹੈ ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ, ਵੀਰਪਾਲ ਕੌਰ ਉਪ ਮੰਡਲ ਮਜਿਸਟ੍ਰੇਟ ਤਲਵੰਡੀ ਸਾਬੋ, ਗੁਰਜਿੰਦਰ ਸਿੰਘ ਉੱਪ ਮੰਡਲ ਮਜਿਸਟ੍ਰੇਟ ਮੌੜ, ਅਮਨਦੀਪ ਸਿੰਘ ਮਾਵੀ ਉਪ ਮੰਡਲ ਮਜਿਸਟ੍ਰੇਟ ਬਠਿੰਡਾ, ਅਭਿਨਵ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ