
ਹੁਸ਼ਿਆਰਪੁਰ, 26 ਜੂਨ (ਹਿੰ.ਸ.)| ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਮਈ ਮਹੀਨੇ ਦੌਰਾਨ ਐਨਡੀਪੀਐੱਸ ਐਕਟ ਅਧੀਨ 95 ਮਾਮਲੇ ਦਰਜ ਕਰਕੇ 123 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ (ਐਨਕੋਰਡ) ਦੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ।ਐੱਸਡੀਐੱਮ ਪਰਮਪ੍ਰੀਤ ਸਿੰਘ, ਐੱਸਪੀ (ਪੀਬੀਆਈ) ਮੇਜਰ ਸਿੰਘ ਅਤੇ ਸਹਾਇਕ ਕਮਿਸ਼ਨਰ ਸੁਮਿਤ ਮੁਧ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਰੋਕਣ, ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਕਰਵਾਉਣ ਅਤੇ ਜਾਗਰੂਕਤਾ ਮੁਹਿੰਮਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ ਗਿਆ।ਐੱਸਪੀ ਮੇਜਰ ਸਿੰਘ ਨੇ ਦੱਸਿਆ ਕਿ ਮਈ ਮਹੀਨੇ ਦੌਰਾਨ ਪੁਲਿਸ ਨੇ 878 ਗ੍ਰਾਮ ਹੈਰੋਇਨ, 26 ਕਿਲੋਗ੍ਰਾਮ ਤੋਂ ਵੱਧ ਚੂਰਾ-ਪੋਸਤ, 1,000 ਤੋਂ ਵੱਧ ਨਸ਼ੀਲੇ ਕੈਪਸੂਲ ਅਤੇ 15,100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ’ਤੇ ਸਖ਼ਤ ਨਕੇਲ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ, ਐਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਨ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਨਸ਼ਾ ਮੁਕਤੀ ਅਤੇ ਓਓਏਟੀ ਕੇਂਦਰਾਂ ਵਿੱਚ ਦਾਖ਼ਲ ਕਰਵਾਉਣ ਵਰਗੇ ਕਦਮ ਚੁੱਕੇ ਜਾ ਰਹੇ ਹਨ। ਐੱਸਪੀ ਨੇ ਇਹ ਵੀ ਦੱਸਿਆ ਕਿ ਮਈ ਮਹੀਨੇ ਦੌਰਾਨ ਜ਼ਿਲ੍ਹਾ ਪੁਲਿਸ ਨੇ 147 ਜਨਤਕ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵੱਧ ਰਹੇ ਰੁਝਾਨ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।ਮੀਟਿੰਗ ਦੌਰਾਨ ਐੱਸਡੀਐੱਮ ਪਰਮਪ੍ਰੀਤ ਸਿੰਘ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੁਲਿਸ ਵਿਭਾਗ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਰੇ ਵਿਭਾਗਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH