
ਬਰਨਾਲਾ, 27 ਜੂਨ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਬਰਨਾਲਾ ਵਿਖੇ ਰਾਜ-ਪੱਧਰੀ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਰਾਜਨੀਤਿਕ ਸਰਗਰਮੀਆਂ ਅਤੇ ‘ਪੰਜਾਬ ਸੰਭਾਲੋ ਮੁਹਿੰਮ’ ਦੀ ਪ੍ਰਗਤੀ ਦਾ ਗੰਭੀਰ ਮੁਲਾਂਕਣ ਕੀਤਾ ਗਿਆ। ਇਸ ਬੈਠਕ ਵਿੱਚ ਬਸਪਾ ਦੇ ਰਾਸ਼ਟਰੀ ਉਪ-ਪ੍ਰਧਾਨ ਅਤੇ ਮੁੱਖ ਸੈਕਟਰ ਪ੍ਰਭਾਰੀ (ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮਹਾਰਾਸ਼ਟਰ) ਇੰਜੀਨੀਅਰ ਰਾਮਜੀ ਗੌਤਮ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਕੇਂਦਰੀ ਪ੍ਰਭਾਰੀ ਬਸਪਾ ਬਿਪਲ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਧਾਨਗੀ ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ।ਬੈਠਕ ਵਿੱਚ ਪੰਜਾਬ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੀਆਂ ਦਲਿਤ-ਵਿਰੋਧੀ ਅਤੇ ਪੰਜਾਬ-ਵਿਰੋਧੀ ਨੀਤੀਆਂ ਖ਼ਿਲਾਫ਼ ਦੋ ਅਹਿਮ ਅਤੇ ਸੰਵੇਦਨਸ਼ੀਲ ਮਤੇ ਪਾਸ ਕਰਦਿਆਂ ਤਿੱਖੀ ਨਿੰਦਾ ਕੀਤੀ ਗਈ। ਬਸਪਾ ਆਗੂਆਂ ਨੇ ਪੰਜਾਬ ਵਿੱਚ ਅਧਿਆਪਕਾਂ ਅਤੇ ਲੈਕਚਰਾਰਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਅਨੁਸੂਚਿਤ ਜਾਤੀਆਂ (ਐੱਸ.ਸੀ.) ਅਤੇ ਪਿਛੜੀਆਂ ਸ਼੍ਰੇਣੀਆਂ (ਬੀ.ਸੀ.) ਦੀ ਨੁਮਾਇੰਦਗੀ ‘ਜ਼ੀਰੋ’ (ਸਿਫ਼ਰ) ਕੀਤੇ ਜਾਣ ’ਤੇ ਡੂੰਘੀ ਚਿੰਤਾ ਅਤੇ ਸਖ਼ਤ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸੰਵਿਧਾਨਕ ਹੱਕਾਂ ਅਤੇ ਰਾਖਵੇਂਕਰਨ ਦੀਆਂ ਨੀਤੀਆਂ ਨੂੰ ਸ਼ਰੇਆਮ ਛਿੱਕੇ ਟੰਗ ਕੇ ਪੱਛੜੇ ਤੇ ਦਲਿਤ ਸਮਾਜ ਦੇ ਪੜ੍ਹੇ-ਲਿਖੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਬਸਪਾ ਇਸ ਦਲਿਤ ਅਤੇ ਪਛੜਾ ਵਿਰੋਧੀ ਫ਼ੈਸਲੇ ਦੀ ਪੁਰਜ਼ੋਰ ਨਿੰਦਾ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਬੈਕਲਾਗ ਸਮੇਤ ਸਾਰੀਆਂ ਸ਼੍ਰੇਣੀਆਂ ਨੂੰ ਬਣਦੀ ਨੁਮਾਇੰਦਗੀ ਤੁਰੰਤ ਦਿੱਤੀ ਜਾਵੇ, ਨਹੀਂ ਤਾਂ ਬਸਪਾ ਸੜਕਾਂ ’ਤੇ ਉੱਤਰ ਕੇ ਵੱਡਾ ਸੰਘਰਸ਼ ਵਿੱਢੇਗੀ।
ਬੈਠਕ ਵਿੱਚ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨੂੰ ਸਿਆਸੀ ਲਾਹੇ ਲਈ ਢਾਹ ਲਾਉਣ ਵਾਲੀਆਂ ਪਾਰਟੀਆਂ ਆਮ ਆਦਮੀ ਪਾਰਟੀ (ਆਪ), ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀ ਸਖ਼ਤ ਲਫ਼ਜ਼ਾਂ ਵਿੱਚ ਮੁਜ਼ੰਮਤ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਇਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੀਆਂ ਇਨ੍ਹਾਂ ਸ਼ਕਤੀਆਂ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ।
ਇਸ ਮੌਕੇ ਇੰਜੀਨੀਅਰ ਰਾਮਜੀ ਗੌਤਮ, ਬਿਪਲ ਕੁਮਾਰ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਾਂਝੇ ਤੌਰ ’ਤੇ ਐਲਾਨ ਕੀਤਾ ਕਿ ਪੰਜਾਬ ਦੇ ਭਖਦੇ ਮੁੱਦਿਆਂ, ਜਿਵੇਂ ਕਿ ਨੌਕਰੀਆਂ ਵਿੱਚ ਹੱਕ ਮਾਰਨਾ, ਸੂਬੇ ਸਿਰ ਚੜ੍ਹਿਆ ਕਰਜ਼ਾ, ਨਸ਼ਾਖੋਰੀ ਅਤੇ ਧਾਰਮਿਕ ਮਰਿਆਦਾਵਾਂ ਨਾਲ ਖਿਲਵਾੜ, ਨੂੰ ਲੈ ਕੇ ਬਸਪਾ ਦੀ ‘ਪੰਜਾਬ ਸੰਭਾਲੋ ਮੁਹਿੰਮ’ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਲੋਕਾਂ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣ ਅਤੇ ਬਹੁਜਨ ਸਮਾਜ ਦੇ ਹੱਕਾਂ ਦੀ ਰਾਖੀ ਲਈ ਬਸਪਾ ਦੇ ਝੰਡੇ ਹੇਠ ਇਕੱਠੇ ਕਰਨ। ਬੈਠਕ ਦੌਰਾਨ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਕਈ ਅਹਿਮ ਫ਼ੈਸਲੇ ਲਏ ਗਏ। ਬੈਠਕ ਦੌਰਾਨ ਪੰਜਾਬ ਕੋਆਰਡੀਨੇਟਰ ਅਜੀਤ ਸਿੰਘ ਭੈਣੀ ਅਤੇ ਸਟੇਟ ਜਨਰਲ ਸੈਕਟਰੀ ਅਤੇ ਜੋਨ ਇੰਚਾਰਜ ਮਾ. ਅਮਰਜੀਤ ਸਿੰਘ ਜਲੂਰ ਸਮੇਤ ਕਈ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ