
ਅੰਮ੍ਰਿਤਸਰ, 27 ਜੂਨ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਵਿਵਾਦ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਲ ਸਬੰਧਤ ਕਾਨੂੰਨੀ ਸੋਧਾਂ ਸਮੇਤ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਕੱਤਰਤਾ ਵਿੱਚ ਫ਼ੈਸਲਾ ਕੀਤਾ ਗਿਆ ਕਿ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸਬੰਧੀ ਸੰਗਤ ਨੂੰ ਜਾਗਰੂਕ ਕੀਤਾ ਜਾਵੇਗਾ।
ਜਨਰਲ ਇਕੱਤਰਤਾ ਵਿੱਚ ਪਾਸ ਕੀਤੇ ਪਹਿਲੇ ਮਤੇ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਜੁੜੀ ਸਾਹਮਣੇ ਆਈ ਵੀਡੀਓ ਨੇ ਸਮੁੱਚੇ ਸਿੱਖ ਜਗਤ ਵਿੱਚ ਗਹਿਰਾ ਰੋਸ ਪੈਦਾ ਕੀਤਾ ਹੈ। ਮਤੇ ਵਿੱਚ ਇਸ ਨੂੰ ਬੇਹੱਦ ਗੰਭੀਰ ਅਤੇ ਅਮਾਫ਼ੀਯੋਗ ਗਲਤੀ ਕਰਾਰ ਦਿੰਦਿਆਂ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਦਾ ਨੋਟਿਸ ਲੈਣਾ ਪੰਥਕ ਪਰੰਪਰਾਵਾਂ ਅਨੁਸਾਰ ਬਿਲਕੁਲ ਉਚਿਤ ਕਦਮ ਹੈ।
ਮਤੇ ਵਿੱਚ ਕਿਹਾ ਗਿਆ ਕਿ ਸਿੱਖ ਕੌਮ ਲਈ ਗੁਰੂ ਸਾਹਿਬਾਨ, ਗੁਰੂ ਪਰੰਪਰਾ, ਸ਼ਹੀਦਾਂ ਦਾ ਸਤਿਕਾਰ ਅਤੇ ਗੁਰੂ ਮਰਿਆਦਾ ਸਰਵਉੱਚ ਹਨ। ਇਨ੍ਹਾਂ ਨਾਲ ਜੁੜੇ ਕਿਸੇ ਵੀ ਪ੍ਰਤੀਕ ਜਾਂ ਚਿੰਨ੍ਹ ਦਾ ਅਪਮਾਨ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਐਸਜੀਪੀਸੀ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੇ ਆਪਣੀ ਗਲਤੀ ਸਵੀਕਾਰ ਕਰਨ ਦੀ ਬਜਾਏ ਵਾਰ-ਵਾਰ ਝੂਠ ਬੋਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ ਹੈ।
ਇਕੱਤਰਤਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਆਦੇਸ਼ਾਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਮਤੇ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਵਰਗੇ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਤੋਂ ਪੰਜਾਬ ਦੀਆਂ ਧਾਰਮਿਕ ਅਤੇ ਇਤਿਹਾਸਕ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਇਸ ਸਬੰਧੀ ਐਸਜੀਪੀਸੀ ਨੇ ਭਗਵੰਤ ਮਾਨ ਨੂੰ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਵੀ ਮੰਗ ਕੀਤੀ। ਇਕੱਤਰਤਾ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਪ੍ਰਚਾਰਕ ਜਥਿਆਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਉਹ ਸਿੱਖੀ ਪ੍ਰਚਾਰ ਦੇ ਨਾਲ-ਨਾਲ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ 'ਤੇ ਦ੍ਰਿੜ੍ਹ ਰਹਿਣ ਲਈ ਵੀ ਪ੍ਰੇਰਿਤ ਕਰਨ।
ਇਸੇ ਤਹਿਤ 5 ਜੁਲਾਈ ਨੂੰ ਹੋਣ ਵਾਲੇ ਵਿਸ਼ਾਲ ਪੰਥਕ ਇਕੱਠ ਵਿੱਚ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲ, ਸਿੰਘ ਸਭਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਹੋਰ ਪੰਥਕ ਸੰਸਥਾਵਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH