
ਅੰਮ੍ਰਿਤਸਰ, 27 ਜੂਨ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ), ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਪਿੰਡ ਪੱਧਰ ਤੱਕ ਲਾਗੂ ਕਰਵਾਉਣ ਲਈ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਪਰ 2 ਦਸੰਬਰ ਦੇ ਹੁਕਮਨਾਮੇ ਤੋਂ ਕਥਿਤ ਤੌਰ 'ਤੇ ਮੁੱਕਰਨ ਵਾਲੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਅੱਜ ਦੇ ਇਜਲਾਸ ਵਿੱਚ ਭਗਵੰਤ ਮਾਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੀ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਕ ਦਾ ਪੈਸਾ ਰਾਜਨੀਤਿਕ ਪੋਸਟਰਬਾਜ਼ੀ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਵਿੱਚ ਧੜੇਬੰਦੀ ਅਤੇ ਤਣਾਅ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ 'ਤੇ ਰੋਕ ਲਗਾਈ ਜਾਵੇ।ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਆ ਰਹੇ ਅਰਵਿੰਦ ਕੇਜਰੀਵਾਲ ਨੂੰ ਤਿੰਨ ਸਵਾਲ ਕੀਤੇ। ਉਨ੍ਹਾਂ ਪੁੱਛਿਆ ਕਿ 2015 ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 24 ਘੰਟਿਆਂ ਵਿੱਚ ਸਜ਼ਾ ਦੇਣ ਦੇ ਵਾਅਦੇ ਦਾ ਕੀ ਬਣਿਆ, ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਚੱਲ ਰਹੇ ਵਿਵਾਦ 'ਤੇ ਉਨ੍ਹਾਂ ਦਾ ਸਟੈਂਡ ਕੀ ਹੈ ਅਤੇ ਮਹਿਲਾਵਾਂ ਨੂੰ 1000/1500 ਰੁਪਏ ਦੇਣ ਦੇ ਵਾਅਦੇ ਨੂੰ ਹੁਣ ਤੱਕ ਕਿਉਂ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ ਜਥੇਦਾਰਾਂ ਦੀ ਸੋਸ਼ਲ ਮੀਡੀਆ 'ਤੇ ਹੋ ਰਹੀ ਕਥਿਤ ਕਿਰਦਾਰਕੁਸ਼ੀ ਦੀ ਨਿੰਦਾ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਵਿਵਾਦਾਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਨਾਲ ਜੁੜੇ ਕਾਨੂੰਨ ਵਿੱਚ ਸੰਭਾਵਿਤ ਬਦਲਾਅ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦਾ ਆਰਟੀਕਲ 26 ਧਾਰਮਿਕ ਸੰਸਥਾਵਾਂ ਨੂੰ ਆਪਣੇ ਪ੍ਰਬੰਧ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰੀ ਦਖ਼ਲ ਵਧਾਉਣ ਦੀ ਕੋਸ਼ਿਸ਼ ਦਾ ਸਿੱਖ ਕੌਮ ਵਿਰੋਧ ਕਰੇਗੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਥਕ ਏਕਤਾ ਲਈ ਉਨ੍ਹਾਂ ਦੇ ਦਰਵਾਜ਼ੇ ਅਜੇ ਵੀ ਖੁੱਲ੍ਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH