
ਚੰਡੀਗੜ੍ਹ, 27 ਜੂਨ (ਹਿੰ.ਸ.)| ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੀ ਵੱਧ ਆਬਾਦੀ ਵਾਲੇ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੰਡ ਉਨ੍ਹਾਂ ਪਿੰਡਾਂ ਲਈ ਹਨ, ਜਿੱਥੇ ਅਨੁਸੂਚਿਤ ਜਾਤੀ ਦੀ ਆਬਾਦੀ 40 ਫੀਸਦੀ ਜਾਂ ਇਸ ਤੋਂ ਵੱਧ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਵਿਕਾਸ ਵਿੱਚ ਮੌਜੂਦ ਵਿੱਤੀ ਪਾੜੇ ਨੂੰ ਪੂਰਾ ਕਰਨਾ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਬਣਾਉਣਾ ਅਤੇ ਸਮਾਜਿਕ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਹੈ।
ਮੰਤਰੀ ਨੇ ਦੱਸਿਆ ਕਿ ਸੂਬੇ ਦੇ 3,763 ਪਿੰਡਾਂ ਵਿੱਚ ਘਰ-ਘਰ ਸਰਵੇਖਣ ਕਰਵਾਉਣ, ਪਿੰਡ ਵਿਕਾਸ ਯੋਜਨਾਵਾਂ (ਵੀ.ਡੀ.ਪੀ.) ਤਿਆਰ ਕਰਨ ਅਤੇ ਯੋਜਨਾਬੰਦੀ ਨਾਲ ਜੁੜੀਆਂ ਹੋਰ ਗਤੀਵਿਧੀਆਂ ਨੂੰ ਅਮਲੀ ਰੂਪ ਦੇਣ ਲਈ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਚੁਣੇ ਗਏ 242 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 20-20 ਲੱਖ ਰੁਪਏ ਦੀ ਗ੍ਰਾਂਟ ਵੀ ਮਨਜ਼ੂਰ ਕੀਤੀ ਗਈ ਹੈ। ਇਹ ਰਾਸ਼ੀ ਪਿੰਡ ਵਿਕਾਸ ਯੋਜਨਾਵਾਂ ਵਿੱਚ ਦਰਸਾਈਆਂ ਗਈਆਂ ਸਥਾਨਕ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਰਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ਤਹਿਤ ਵੱਖ-ਵੱਖ ਸਰਕਾਰੀ ਵਿਕਾਸ ਪ੍ਰੋਗਰਾਮਾਂ ਵਿੱਚ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਉਪਲਬਧ ਸਰੋਤਾਂ ਦੀ ਵੱਧ ਤੋਂ ਵੱਧ ਪ੍ਰਭਾਵਸ਼ਾਲੀ ਵਰਤੋਂ ਹੋ ਸਕੇ। ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਕਰਨਗੀਆਂ, ਜੋ ਯੋਜਨਾਬੰਦੀ, ਸਮੇਂ ਸਿਰ ਕੰਮਾਂ ਦੀ ਪੂਰਤੀ ਅਤੇ ਫੰਡਾਂ ਦੀ ਪਾਰਦਰਸ਼ੀ ਵਰਤੋਂ ਨੂੰ ਯਕੀਨੀ ਬਣਾਉਣਗੀਆਂ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਾ ਟੀਚਾ ਅਨੁਸੂਚਿਤ ਜਾਤੀ ਬਹੁ-ਗਿਣਤੀ ਵਾਲੇ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਜਨਤਕ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਹਰ ਨਾਗਰਿਕ ਲਈ ਬਿਹਤਰ ਜੀਵਨ ਪੱਧਰ ਯਕੀਨੀ ਬਣਾਉਣ ਵੱਲ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਪਹਿਲ ਨਾਲ ਪੇਂਡੂ ਖੇਤਰਾਂ ਵਿੱਚ ਸਮਾਵੇਸ਼ੀ ਵਿਕਾਸ ਨੂੰ ਹੋਰ ਬਲ ਮਿਲੇਗਾ ਅਤੇ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਲਾਭ ਪਹੁੰਚਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH