
ਲੁਧਿਆਣਾ, 03 ਜੂਨ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਲੋਕ-ਕੇਂਦਰਿਤ ਅਤੇ ਤਕਨਾਲੋਜੀ ਅਧਾਰਿਤ ਪੁਲਿਸਿੰਗ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਲੁਧਿਆਣਾ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਅਪਰਾਧ ਰੋਕਥਾਮ, ਤੁਰੰਤ ਕਾਰਵਾਈ ਅਤੇ ਭਾਈਚਾਰਕ ਪੁਲਿਸਿੰਗ ਦੇ ਖੇਤਰ ਵਿੱਚ ਹੋਏ ਸੁਧਾਰਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਹਨ। ਉਦਯੋਗਪਤੀ ਅਨਮੋਲ ਸੂਦ ਨੇ ਕਿਹਾ ਕਿ ਪੁਲਿਸ ਦੀ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਾਰਨ ਕਾਰੋਬਾਰੀ ਵਰਗ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ। ਉਨ੍ਹਾਂ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਦੋਂ ਕੁਝ ਗੈਰ-ਸਮਾਜਿਕ ਤੱਤਾਂ ਨੇ ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਮਿੰਟਾਂ ਵਿੱਚ ਕਾਰਵਾਈ ਕਰਕੇ ਸਮੱਸਿਆ ਦਾ ਹੱਲ ਕੀਤਾ।
ਉਨ੍ਹਾਂ ਦੇ ਭਰਾ ਸੰਚਿਤ ਸੂਦ ਨੇ ਕਿਹਾ ਕਿ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਆਈ ਕਮੀ ਅਤੇ ਫਿਰੌਤੀ ਲਈ ਆਉਣ ਵਾਲੀਆਂ ਕਾਲਾਂ ਵਰਗੀਆਂ ਘਟਨਾਵਾਂ ਵਿੱਚ ਗਿਰਾਵਟ ਪੁਲਿਸ ਦੀ ਸਖ਼ਤ ਕਾਰਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਪੁਲਿਸਿੰਗ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਪੁਲਿਸ ਪ੍ਰਤੀ ਵਿਸ਼ਵਾਸ ਵਧਾ ਰਿਹਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ 24 ਘੰਟੇ ਲੋਕਾਂ ਦੀ ਸੁਰੱਖਿਆ ਲਈ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਆਰਟੀਫ਼ਿਸ਼ਲ ਇੰਟੈਲੀਜੈਂਸ, ਆਧੁਨਿਕ ਤਕਨਾਲੋਜੀ ਅਤੇ ਖੁੱਲ੍ਹੇ ਸੰਵਾਦ ਪ੍ਰੋਗਰਾਮਾਂ ਰਾਹੀਂ ਪੁਲਿਸ ਹਰ ਵਰਗ ਨਾਲ ਸਿੱਧਾ ਤਾਲਮੇਲ ਬਣਾ ਰਹੀ ਹੈ।
ਲੁਧਿਆਣਾ ਹੈਂਡ ਟੂਲਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਚੰਦਰ ਰਲਹਾਣ ਅਤੇ ਉਦਯੋਗਪਤੀ ਅਰੁਣ ਸ਼ਰਮਾ ਨੇ ਵੀ ਪੁਲਿਸ ਦੀ ਤੁਰੰਤ ਪ੍ਰਤੀਕਿਰਿਆ ਅਤੇ ਲੋਕਾਂ ਪ੍ਰਤੀ ਦੋਸਤਾਨਾ ਰਵੱਈਏ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਲੋਕ ਬਿਨਾਂ ਕਿਸੇ ਡਰ ਦੇ ਆਪਣੀਆਂ ਸਮੱਸਿਆਵਾਂ ਪੁਲਿਸ ਸਾਹਮਣੇ ਰੱਖ ਸਕਦੇ ਹਨ।
ਇਸ ਦੌਰਾਨ ਲੁਧਿਆਣਾ ਵਿੱਚ ਸ਼ੁਰੂ ਕੀਤੇ ਗਏ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਨੇ ਟ੍ਰੈਫਿਕ ਪ੍ਰਬੰਧਨ, ਨਿਗਰਾਨੀ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਹੈ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ‘ਸੁਰੱਖਿਅਤ ਪੰਜਾਬ, ਸਫਲ ਪੰਜਾਬ’ ਦੇ ਟੀਚੇ ਨੂੰ ਹਾਸਲ ਕਰਨ ਲਈ ਪੁਲਿਸ ਅਤੇ ਲੋਕਾਂ ਦੀ ਸਾਂਝੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ‘ਆਪਰੇਸ਼ਨ ਗੈਂਗਸਟਰਾਂ ’ਤੇ ਵਾਰ’ ਤਹਿਤ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਵੀ ਵੱਡੀ ਸਫ਼ਲਤਾ ਮਿਲੀ ਹੈ, ਜਿਸ ਨਾਲ ਸੂਬੇ ਵਿੱਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH