
ਹੁਸ਼ਿਆਰਪੁਰ, 03 ਜੂਨ (ਹਿੰ.ਸ.)। ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ, ਦੋਆਬਾ ਪ੍ਰਧਾਨ ਨੇਕੂ ਅਜਨੋਹਾਂ, ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਅਤੇ ਬੰਟੀ ਹਰਿਆਣਾ ਬਲਾਕ ਪ੍ਰਧਾਨ ਹਲਕਾ ਸ਼ਾਮ ਚੁਰਾਸੀ ਦੀ ਪ੍ਰਧਾਨਗੀ ਹੇਠ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਲਗਾਤਾਰ ਵਾਧੇ, ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ ਦੇ ਲਗਾਤਾਰ ਡਿੱਗ ਰਹੇ ਮਿਆਰ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਪਿਛਲੇ ਦਿਨੀਂ ਐਸ.ਸੀ. ਸਮਾਜ ਪ੍ਰਤੀ ਵਰਤੀ ਗਈ ਕਥਿਤ ਭੱਦੀ ਸ਼ਬਦਾਵਲੀ ਦੇ ਵਿਰੋਧ ਵਿੱਚ ਅੱਜ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਕ ਨੇੜੇ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਕੇਂਦਰ ਸਰਕਾਰ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ ਗਿਆ।
ਫੋਰਸ ਦੇ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਅਸਮਾਨੀ ਚੜ੍ਹ ਚੁੱਕੀ ਹੈ ਕਿ ਪੈਟਰੋਲ, ਡੀਜ਼ਲ ਅਤੇ ਘਰੇਲੂ ਸਿਲੰਡਰਾਂ ਦੇ ਰੇਟ ਵਧਣ ਕਾਰਨ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਦੇਸ਼ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਅੰਤਰਰਾਸ਼ਟਰੀ ਪੱਧਰ 'ਤੇ ਡਾਲਰ ਦੇ ਮੁਕਾਬਲੇ ਰੁਪਿਆ ਲਗਾਤਾਰ ਕਮਜ਼ੋਰ ਹੋ ਰਿਹਾ ਹੈ, ਜੋ ਕਿ ਦੇਸ਼ ਲਈ ਬਹੁਤ ਮੰਦਭਾਗੀ ਗੱਲ ਹੈ।
ਪ੍ਰਦਰਸ਼ਨਕਾਰੀਆਂ ਨੇ ਭਾਜਪਾ ਆਗੂ ਬਿੱਟੂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਜ਼ਿੰਮੇਵਾਰ ਅਹੁਦੇ 'ਤੇ ਬੈਠੇ ਆਗੂ ਵੱਲੋਂ ਐਸ.ਸੀ. ਸਮਾਜ ਨੂੰ ਬੇਇੱਜ਼ਤ ਕਰਨਾ ਅਤੇ ਜਾਤੀਸੂਚਕ ਸ਼ਬਦਾਂ ਦਾ ਇਸਤੇਮਾਲ ਕਰਨਾ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਵਿਆਪੀ ਵਿਰੋਧ ਤੋਂ ਬਾਅਦ ਹੁਣ ਮਾਫ਼ੀ ਮੰਗਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਪਰ ਅਜਿਹੀ ਮਾਨਸਿਕਤਾ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਦਲਿਤ ਜਾਂ ਪੱਛੜੇ ਸਮਾਜ ਦੇ ਮਾਣ-ਸਨਮਾਨ ਨੂੰ ਠੇਸ ਨਾ ਪਹੁੰਚਾ ਸਕੇ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਮਹਿੰਗਾਈ 'ਤੇ ਨੱਥ ਨਾ ਪਾਈ ਅਤੇ ਦਲਿਤ ਵਿਰੋਧੀ ਮਾਨਸਿਕਤਾ 'ਤੇ ਰੋਕ ਨਾ ਲਗਾਈ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਪਨ ਬਸੀ ਕਲਾ, ਅਨਮੋਲ ਗੋਕਲ ਨਗਰ, ਅਮਨ,ਆਕਾਸ਼ ਸੁੰਦਰ ਨਗਰ, ਰਜੇਸ਼ ਸ਼੍ਰੀ ਗੁਰੂ ਰਵਿਦਾਸ ਨਗਰ, ਅੰਕੁਸ਼ ਨਿਊ ਫਤਿਹਗੜ੍ਹ, ਗੁਰਦੀਪ ਰਿਹਾਣਾ ਕਲਾਂ, ਕੁਲਵੰਤ ਰਿਹਾਣਾ ਕਲਾਂ, ਗੁਰਮੀਤ ਸਿੰਘ ਨਲੋਈਆ, ਰਵੀ ਬੁੱਲੋਵਾਲ, ਲੱਕੀ ਆਦਿ ਹਾਜ਼ਰ ਸਨ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ