ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 03 ਜੂਨ (ਹਿੰ.ਸ.)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਚੱਲ ਰਹੀ ਰਾਸ਼ਟਰੀ ਮੁਹਿੰਮ ਤਹਿਤ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪੰਚਾਇਤ ਨੁਮਾਇੰਦਿਆਂ ਅ
ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਆਯੋਜਿਤ ਕੈਂਪ ਦੌਰਾਨ ਕਿਸਾਨ।


ਸ੍ਰੀ ਮੁਕਤਸਰ ਸਾਹਿਬ, 03 ਜੂਨ (ਹਿੰ.ਸ.)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਚੱਲ ਰਹੀ ਰਾਸ਼ਟਰੀ ਮੁਹਿੰਮ ਤਹਿਤ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪੰਚਾਇਤ ਨੁਮਾਇੰਦਿਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

ਇਸ ਸਿਖਲਾਈ ਵਿੱਚ ਕਰਿਭਕੋ ਦੇ ਸੀਨੀਅਰ ਸਟੇਟ ਮੇਨੈਜਰ (ਮਾਰਕਿੰਟਿੰਗ), ਗੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ, ਇਸ ਸੰਮੇਲਨ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ੍ਰੀ ਮੁਕਤਸਰ ਸਾਹਿਬ ਅਤੇ ਕਰਿਭਕੋ ਦੇ ਅਧਿਕਾਰੀ ਵੀ ਸ਼ਾਮਿਲ ਹੋਏ। ਇਸ ਪ੍ਰੋਗਰਾਮ ਦਾ ਮੁੱਖ ਕਿਸਾਨੀ ਨਾਲ ਸਿੱਧੇ ਜਾਂ ਅਸਿੱਧੇ ਤੌਰ ਤੇ ਜੁੜੇ ਨੁਮਾਇੰਦਿਆਂ ਨੂੰ ਮਿੱਟੀ ਦੀ ਸਿਹਤ ਸੁਧਾਰ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਪੀ.ਏ.ਯੂ.-ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਨੇ ਰਾਸ਼ਟਰੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮੁੱਖ ਉਦੇਸ਼ਾਂ ’ਤੇ ਚਾਨਣਾ ਪਾਇਆ।

ਉਨ੍ਹਾਂ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਵਿੱਚ ਵਿਗਿਆਨਕ ਖਾਦ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ, ਉਨ੍ਹਾਂ ਇਸ ਮੁਹਿੰਮ ਤਹਿਤ ਕੇ.ਵੀ.ਕੇ. ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਕਿਸਾਨਾਂ ਨੁੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕਰ ਰਹੇ ਗੁਰਜੀਤ ਸਿੰਘ ਨੇ ਵਿਸ਼ਵ ਪੱਧਰ ’ਤੇ ਖਾਦਾਂ ਦੇ ਆਯਾਤ, ਢੋਆ ਢੁਆਈ ਅਤੇ ਅੰਤਰਰਾਸ਼ਰੀ ਪੱਧਰ ’ਤੇ ਖਾਦਾਂ ਦੀਆਂ ਕੀਮਤਾਂ ਦੇ ਉਤਰਾਅ-ਚੜ੍ਹਾਅ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਕਰਿਭਕੋ ਅਤੇ ਸਰਕਾਰਾਂ ਵੱਲੋਂ ਕਿਸਾਨਾਂ ਲਈ ਖਾਦਾਂ ਨੂੰ ਉਪਲੱਬਧ ਕਰਾਉਣ ਸਬੰਧੀ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ, ਜੈਵਿਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰ, ਫਸਲੀ ਰਹਿੰਦ-ਖੂੰਹਦ ਪ੍ਰਬੰਧਨ, ਖਾਦਾਂ ਦੀ ਘਾਟ ਸਮੇਂ ਬਦਲਵੇਂ ਵਿਕਲਪ, ਨਾਈਟ੍ਰੋਜਨ ਕੁਸ਼ਲ ਫਸਲੀ ਕਿਸਮਾਂ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸਦੇ ਨਾਲ ਨਾਲ ਉਨ੍ਹਾਂ ਕਿਸਾਨਾਂ ਨੂੰ ਹਰੀ ਖਾਦ ਵਾਲੀਆਂ ਫ਼ਸਲਾਂ ਦੇ ਬੀਜ ਉਤਪਾਦਨ ਕਰਨ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਦੌਰਾਨ ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਵਿੱਚ ਸਰਵਪੱਖੀ ਪੋਸ਼ਕ ਤੱਤ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ ਲੈਣ ਦੀ ਪ੍ਰਯੋਗਿਕ ਸਿਖਲਾਈ ਵੀ ਦਿੱਤੀ। ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਖਾਦਾਂ ਦੀ ਅਸੰਤੁਲਿਤ ਵਰਤੋਂ ਦੇ ਮਿੱਟੀ ਦੀ ਸਿਹਤ ਅਤੇ ਵਾਤਾਵਰਣ ’ਤੇ ਪੈਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ ਆਏ ਹੋਏ ਕਿਸਾਨਾਂ ਵੱਲੋਂ ਖੇਤ ਪੱਧਰੀ ਸਮੱਸਿਆਵਾਂ ਸਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਵਿਗਿਆਨੀਆਂ ਵੱਲੋਂ ਮੌਕੇ ’ਤੇ ਹੱਲ ਸੁਝਾਏ ਗਏ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande