
ਚੰਡੀਗੜ੍ਹ, 30 ਜੂਨ (ਹਿੰ.ਸ.)| ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਬੁਨਿਆਦੀ ਢਾਂਚੇ ਅਤੇ ਸੜਕੀ ਵਿਕਾਸ ਨਾਲ ਸਬੰਧਤ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਚੱਲ ਰਹੇ ਰਾਸ਼ਟਰੀ ਰਾਜਮਾਰਗਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਲਈ ਕੇਂਦਰ ਸਰਕਾਰ ਅਤੇ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ।
ਇਸ ਮੌਕੇ ਨਿਤਿਨ ਗਡਕਰੀ ਨੇ ਕਿਹਾ ਕਿ ਭਾਰਤਮਾਲਾ ਪ੍ਰੋਜੈਕਟ ਤਹਿਤ ਦੇਸ਼ ਭਰ ਵਿੱਚ ਆਧੁਨਿਕ ਹਾਈਵੇਅ ਅਤੇ ਐਕਸਪ੍ਰੈਸਵੇਅ ਦਾ ਵਿਸਤ੍ਰਿਤ ਨੈੱਟਵਰਕ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਾਮਨਗਰ-ਅੰਮ੍ਰਿਤਸਰ ਆਰਥਿਕ ਲਾਂਘਾ ਪੰਜਾਬ ਨੂੰ ਰਾਜਸਥਾਨ ਅਤੇ ਗੁਜਰਾਤ ਦੇ ਪ੍ਰਮੁੱਖ ਵਪਾਰਕ ਕੇਂਦਰਾਂ ਨਾਲ ਜੋੜੇਗਾ, ਜਿਸ ਨਾਲ ਆਵਾਜਾਈ, ਉਦਯੋਗ, ਵਪਾਰ ਅਤੇ ਰੋਜ਼ਗਾਰ ਨੂੰ ਨਵਾਂ ਹੁਲਾਰਾ ਮਿਲੇਗਾ।
ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਚੱਲ ਰਹੇ ਸਾਰੇ ਵੱਡੇ ਸੜਕੀ ਪ੍ਰੋਜੈਕਟ ਕੇਂਦਰੀ ਫੰਡਾਂ ਨਾਲ ਤਿਆਰ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਖੁਦ ਕੋਈ ਵੱਡਾ ਵਿਕਾਸ ਕਾਰਜ ਕਰਨ ਦੀ ਬਜਾਏ ਇਨ੍ਹਾਂ ਪ੍ਰੋਜੈਕਟਾਂ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਨੂੰ ਬੁਨਿਆਦੀ ਢਾਂਚੇ ਨਾਲ ਜੁੜੇ ਹੋਰ ਮਹੱਤਵਪੂਰਨ ਪ੍ਰੋਜੈਕਟਾਂ ਦਾ ਲਾਭ ਮਿਲੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH