
ਪੰਚਕੂਲਾ, 30 ਜੂਨ (ਹਿੰ.ਸ.)| ਹਰਿਆਣਾ ਵਿੱਚ ਕਰੋੜਾਂ ਰੁਪਏ ਦੇ ਕਥਿਤ ਗਬਨ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕਾਰਵਾਈ ਕਰਦਿਆਂ ਆਈਡੀਐਫਸੀ ਬੈਂਕ ਘਪਲੇ ਨਾਲ ਜੁੜੇ ਦੋ ਬੈਂਕ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇੱਕ ਆਈਡੀਐਫਸੀ ਫਰਸਟ ਬੈਂਕ ਦਾ ਅਕਾਊਂਟੈਂਟ ਅਤੇ ਦੂਜਾ ਏਯੂ ਸਮਾਲ ਫਾਇਨੈਂਸ ਬੈਂਕ ਦਾ ਡਾਟਾ ਐਂਟਰੀ ਆਪਰੇਟਰ ਸ਼ਾਮਲ ਹੈ।
ਸੀਬੀਆਈ ਨੇ ਦੋਵਾਂ ਮੁਲਜ਼ਮਾਂ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ-ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਰਿਮਾਂਡ ਦੌਰਾਨ ਜਾਂਚ ਏਜੰਸੀ ਵੱਲੋਂ ਕਰੋੜਾਂ ਰੁਪਏ ਦੇ ਕਥਿਤ ਗਬਨ, ਵਿੱਤੀ ਲੈਣ-ਦੇਣ ਅਤੇ ਹੇਰਾਫੇਰੀ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਹੋਏ ਕਥਿਤ ਵਿੱਤੀ ਘਪਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਇਸ ਤੋਂ ਪਹਿਲਾਂ ਸੀਨੀਅਰ ਆਈਏਐਸ ਅਧਿਕਾਰੀ ਪੰਕਜ ਅਗਰਵਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਹੋਰ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਵੀ ਜਾਰੀ ਹੈ। ਜਾਂਚ ਏਜੰਸੀ ਦਾ ਮੰਨਣਾ ਹੈ ਕਿ ਦੋਵਾਂ ਬੈਂਕ ਕਰਮਚਾਰੀਆਂ ਦੀ ਗ੍ਰਿਫ਼ਤਾਰੀ ਨਾਲ ਮਾਮਲੇ ਦੀਆਂ ਅਹਿਮ ਕੜੀਆਂ ਸਾਹਮਣੇ ਆ ਸਕਦੀਆਂ ਹਨ। ਪੁੱਛਗਿੱਛ ਦੌਰਾਨ ਮਿਲਣ ਵਾਲੀ ਜਾਣਕਾਰੀ ਦੇ ਆਧਾਰ 'ਤੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH