
ਚੰਡੀਗੜ੍ਹ, 01 ਜੁਲਾਈ (ਹਿੰ.ਸ.)| ਪੰਜਾਬ ਦੇ ਪਠਾਨਕੋਟ ਵਿੱਚ ਬੁੱਧਵਾਰ ਸਵੇਰੇ ਤੇਜ਼ ਮੀਂਹ ਪਿਆ, ਜਦਕਿ ਗੁਰਦਾਸਪੁਰ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਪਠਾਨਕੋਟ ਵਿੱਚ ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਭਾਰੀ ਮੀਂਹ ਕਾਰਨ ਕਈ ਬੱਚੇ ਸਮੇਂ ਸਿਰ ਸਕੂਲ ਨਹੀਂ ਪਹੁੰਚ ਸਕੇ। ਇਸ ਦੇ ਨਾਲ ਹੀ ਮੋਹਾਲੀ ਅਤੇ ਜਲੰਧਰ ਵਿੱਚ ਠੰਢੀਆਂ ਹਵਾਵਾਂ ਚੱਲੀਆਂ, ਜਦਕਿ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹੇ।
ਮੌਸਮ ਵਿਭਾਗ ਨੇ ਮੁਕੇਰੀਆਂ, ਗੁਰਦਾਸਪੁਰ, ਹੁਸ਼ਿਆਰਪੁਰ, ਦਸੂਹਾ, ਪਠਾਨਕੋਟ ਅਤੇ ਧਾਰ ਕਲਾਂ ਵਿੱਚ ਆਕਾਸ਼ੀ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਵਿੱਚ ਮਾਨਸੂਨ ਪੰਜਾਬ ਵਿੱਚ ਦਾਖ਼ਲ ਹੋ ਸਕਦਾ ਹੈ।
ਚੰਡੀਗੜ੍ਹ ਅਤੇ ਟ੍ਰਾਈਸਿਟੀ ’ਚ ਤੇਜ਼ ਬਾਰਿਸ਼ ਨੇ ਜੋਰ ਫੜ੍ਹ ਲਿਆ ਹੈ। ਇਸ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਮੰਗਲਵਾਰ ਨੂੰ ਫ਼ਰੀਦਕੋਟ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮਾਨਸੂਨ ਨਾਲ ਜੁੜੇ ਅਹਿਮ ਅਪਡੇਟ
-
30 ਜੂਨ ਨੂੰ ਹਿਮਾਚਲ ਤੱਕ ਪਹੁੰਚਿਆ ਮਾਨਸੂਨ: ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਨੇ 30 ਜੂਨ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਬਿਹਾਰ, ਉੱਤਰ ਪ੍ਰਦੇਸ਼, ਉੱਤਰਾਖੰਡ ਦੇ ਜ਼ਿਆਦਾਤਰ ਹਿੱਸਿਆਂ ਅਤੇ ਹਿਮਾਚਲ ਪ੍ਰਦੇਸ਼ ਤੇ ਲੱਦਾਖ ਦੇ ਕੁਝ ਖੇਤਰਾਂ ਤੱਕ ਪਹੁੰਚ ਦਰਜ ਕੀਤੀ ਹੈ।
-
2-3 ਦਿਨਾਂ ਵਿੱਚ ਪੰਜਾਬ-ਚੰਡੀਗੜ੍ਹ ਵਿੱਚ ਦਸਤਕ: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2 ਤੋਂ 3 ਦਿਨਾਂ ਦੌਰਾਨ ਦੱਖਣ-ਪੱਛਮੀ ਮਾਨਸੂਨ ਦੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਹਿੱਸਿਆਂ ਤੱਕ ਪਹੁੰਚਣ ਲਈ ਹਾਲਾਤ ਅਨੁਕੂਲ ਹਨ।
-
3 ਦਿਨ ਭਾਰੀ ਮੀਂਹ ਦੀ ਚੇਤਾਵਨੀ: ਮੌਸਮ ਵਿਭਾਗ ਨੇ 2 ਤੋਂ 4 ਜੁਲਾਈ ਅਤੇ 6 ਜੁਲਾਈ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ 2 ਤੋਂ 6 ਜੁਲਾਈ ਦਰਮਿਆਨ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH