
ਚੰਡੀਗੜ੍ਹ, 13 ਜੁਲਾਈ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਬੁਲਾਏ ਗਏ ਇਕੱਠ ਤੋਂ ਪਹਿਲਾਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਪੰਜਾਬ ਦੇ ਕਾਲੇ ਦੌਰ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਵੱਡੀ ਮੰਗ ਉਠਾਈ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ 1980 ਅਤੇ 1990 ਦੇ ਦਹਾਕਿਆਂ ਦੌਰਾਨ ਲਾਪਤਾ ਕੀਤੇ ਗਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇੱਕ ਨਿਰਪੱਖ ‘ਲੋਕ ਕਮਿਸ਼ਨ’ ਦਾ ਗਠਨ ਕੀਤਾ ਜਾਵੇ।
ਬੀਬੀ ਪਰਮਜੀਤ ਕੌਰ ਖਾਲੜਾ ਨੇ ਜਾਰੀ ਕੀਤੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਵਿੱਚ ਹੋਈਆਂ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ ਸਬੰਧੀ ਅੱਜ ਵੀ ਨਿਆਂ ਅਤੇ ਜਵਾਬਦੇਹੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ, ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਉਸ ਤੋਂ ਬਾਅਦ ਦੇ ਸਮੇਂ ਦੌਰਾਨ ਹੋਈਆਂ ਘਟਨਾਵਾਂ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਵੱਖ-ਵੱਖ ਸਮਿਆਂ ਦੀਆਂ ਸਰਕਾਰਾਂ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ 'ਤੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੇ ਦੋਸ਼ ਲੱਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਸੀ, ਜਦਕਿ ਪੀੜਤ ਪਰਿਵਾਰ ਮੁਸ਼ਕਲਾਂ ਦਾ ਸਾਹਮਣਾ ਕਰਦੇ ਰਹੇ। ਬੀਬੀ ਖਾਲੜਾ ਨੇ ਜਥੇਦਾਰ ਸਾਹਿਬ ਅੱਗੇ ਤਿੰਨ ਮੁੱਖ ਮੰਗਾਂ ਰੱਖੀਆਂ ਹਨ। ਪਹਿਲੀ, ਪੰਜਾਬ ਵਿੱਚ ਲਾਪਤਾ ਕੀਤੇ ਗਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਪਤਾ ਕਰਨ ਲਈ ਲੋਕ ਕਮਿਸ਼ਨ ਬਣਾਇਆ ਜਾਵੇ। ਦੂਜੀ, ਜਿਨ੍ਹਾਂ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਲਈ ਜਸਵੰਤ ਸਿੰਘ ਖਾਲੜਾ ਨੇ ਕੰਮ ਕੀਤਾ, ਉਨ੍ਹਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਯੋਗ ਸਥਾਨ ਦਿੱਤਾ ਜਾਵੇ। ਤੀਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਕਾਨੂੰਨ ਅਤੇ ਜਵਾਬਦੇਹੀ ਤੋਂ ਉੱਪਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਨਾਲ ਜੁੜੇ ਇਸ ਗੰਭੀਰ ਮਾਮਲੇ ਨੂੰ ਸਿਆਸੀ ਲਾਭ ਲਈ ਨਹੀਂ, ਸਗੋਂ ਸੱਚ, ਨਿਆਂ ਅਤੇ ਜਵਾਬਦੇਹੀ ਲਈ ਦੇਖਿਆ ਜਾਣਾ ਚਾਹੀਦਾ ਹੈ। ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਹਰੀਕੇ ਪੱਤਣ ਵਿਖੇ ਹੋਣ ਵਾਲਾ ਇਕੱਠ ਮਨੁੱਖੀ ਅਧਿਕਾਰਾਂ ਅਤੇ ਨਿਆਂ ਲਈ ਇੱਕ ਸਾਂਝੀ ਆਵਾਜ਼ ਬਣੇ, ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH