
ਚੰਡੀਗੜ੍ਹ, 13 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਠੇਕਾ ਅਤੇ ਦਿਹਾੜੀਦਾਰ ਕਰਮਚਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਆਯੋਜਿਤ ਸਮਾਗਮ ਦੌਰਾਨ ਰੈਗੂਲਰ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਵਿਭਾਗ ਦੇ 237 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਤਰੱਕੀਆਂ ਬਹਾਲ ਕਰਨ ਦਾ ਵੀ ਐਲਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਰੈਗੂਲਰ ਹੋਏ ਕਰਮਚਾਰੀ 58 ਸਾਲ ਦੀ ਉਮਰ ਤੱਕ ਨੌਕਰੀ ਕਰਨ ਦੇ ਹੱਕਦਾਰ ਹੋਣਗੇ ਅਤੇ ਉਨ੍ਹਾਂ ਨੂੰ ਹਰ ਸਾਲ 5 ਫੀਸਦੀ ਤਨਖਾਹ ਵਾਧਾ ਵੀ ਮਿਲੇਗਾ। ਉਨ੍ਹਾਂ ਦੱਸਿਆ ਕਿ ਕਈ ਦਿਹਾੜੀਦਾਰ ਕਰਮਚਾਰੀ ਨਿਰਧਾਰਤ ਵਿਦਿਅਕ ਯੋਗਤਾ ਅਤੇ ਉਮਰ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ, ਪਰ ਸਰਕਾਰ ਨੇ ਉਨ੍ਹਾਂ ਦੀਆਂ 10 ਸਾਲ ਜਾਂ ਇਸ ਤੋਂ ਵੱਧ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਵਿਸ਼ੇਸ਼ ਛੋਟ ਦੇ ਕੇ ਰੈਗੂਲਰ ਕਰਨ ਦਾ ਫੈਸਲਾ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਣ ਵਿਭਾਗ ਵਿੱਚ ਹੁਣ ਤੱਕ 1,458 ਦਿਹਾੜੀਦਾਰ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ, ਜਦਕਿ 342 ਨਵੇਂ ਕਰਮਚਾਰੀਆਂ ਦੀ ਰੈਗੂਲਰ ਭਰਤੀ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਭਾਗ ਦੇ 237 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਤਰੱਕੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ਼ ਉਹਨਾਂ ਫਾਈਲਾਂ 'ਤੇ ਹੀ ਦਸਤਖਤ ਕੀਤੇ ਹਨ, ਜਿਨ੍ਹਾਂ ਨਾਲ ਲੋਕਾਂ ਦਾ ਭਲਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਰਾਹ ਲਗਭਗ ਬੰਦ ਹੋ ਗਏ ਸਨ, ਪਰ ਮੌਜੂਦਾ ਸਰਕਾਰ ਨੇ ਪੂਰੀ ਪਾਰਦਰਸ਼ਤਾ ਨਾਲ ਹੁਣ ਤੱਕ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵਣ ਵਿਭਾਗ ਦੀ ਆਮਦਨ ਵਧਾਉਣ ਲਈ ਸੂਬੇ ਭਰ ਦੇ ਖਸਤਾਹਾਲ ਵਣ ਗੈਸਟ ਹਾਊਸਾਂ ਨੂੰ ਮੁੜ ਸੁਰਜੀਤ ਕਰੇਗੀ, ਤਾਂ ਜੋ ਇਨ੍ਹਾਂ ਨੂੰ ਆਮਦਨ ਦਾ ਵਧੀਆ ਸਰੋਤ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਪੰਜਾਬ ਦੇ ਜੰਗਲਾਂ ਅਤੇ ਹਰਿਆਵਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਣ ਵਿਭਾਗ ਦੇ ਕਰਮਚਾਰੀਆਂ ਦੀ ਭੂਮਿਕਾ ਨੂੰ ਹੋਰ ਮਜ਼ਬੂਤੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ 2023 ਵਿੱਚ ਨੋਟੀਫਾਈ ਕੀਤੀ ਗਈ ਰੈਗੂਲਰਾਈਜ਼ੇਸ਼ਨ ਨੀਤੀ ਤਹਿਤ ਯੋਗ ਕਰਮਚਾਰੀਆਂ ਨੂੰ ਨੌਕਰੀ ਦੀ ਪੂਰੀ ਸੁਰੱਖਿਆ, ਪਾਰਦਰਸ਼ੀ ਤਨਖਾਹ ਢਾਂਚਾ ਅਤੇ ਸਾਲਾਨਾ ਵਾਧੇ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਕਰਮਚਾਰੀਆਂ ਅਤੇ ਸਰਕਾਰ ਵਿਚਕਾਰ ਕੋਈ ਠੇਕੇਦਾਰ ਨਹੀਂ ਹੋਵੇਗਾ ਅਤੇ ਉਨ੍ਹਾਂ ਨੂੰ ਸਿੱਧਾ ਸਰਕਾਰੀ ਰੁਜ਼ਗਾਰ ਮਿਲੇਗਾ।
ਇਸ ਮੌਕੇ ਰੈਗੂਲਰ ਹੋਏ ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਈ ਸਾਲਾਂ ਤੋਂ ਦਿਹਾੜੀਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ, ਪਰ ਪਹਿਲਾਂ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸੇਵਾਵਾਂ ਰੈਗੂਲਰ ਹੋਣ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਹੋ ਗਿਆ ਹੈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਣ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH