
ਚੰਡੀਗੜ੍ਹ, 13 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਫੀਸ ਵਾਧੇ 'ਤੇ ਸਖ਼ਤ ਨਿਯੰਤਰਣ ਲਗਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਲਾਗੂ ਕਰ ਦਿੱਤਾ ਹੈ, ਜਿਸ ਤਹਿਤ ਹੁਣ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਇਸ ਤੋਂ ਵੱਧ ਵਾਧਾ ਕਰਨ ਲਈ ਰੈਗੂਲੇਟਰੀ ਅਥਾਰਟੀ ਤੋਂ ਪਹਿਲਾਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰਾਜਪਾਲ ਵੱਲੋਂ ਆਰਡੀਨੈਂਸ ਨੂੰ ਮਨਜ਼ੂਰੀ ਮਿਲਣ ਨਾਲ ਇਹ ਅੱਜ ਤੋਂ ਹੀ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੌਰਾਨ ਵਸੂਲੀ ਗਈ ਫੀਸ ਦਾ ਪੂਰਾ ਵੇਰਵਾ ਸਰਕਾਰ ਦੇ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨਾ ਹੋਵੇਗਾ। ਜੇਕਰ ਜਾਂਚ ਦੌਰਾਨ ਕਿਸੇ ਸਕੂਲ ਵੱਲੋਂ ਵਾਧੂ ਫੀਸ ਵਸੂਲਣ ਦੀ ਪੁਸ਼ਟੀ ਹੁੰਦੀ ਹੈ ਤਾਂ ਉਹ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਕੁੱਲ ਮਿਲਾ ਕੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਰਿਫੰਡ ਕਰਨੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਟ੍ਰਾਂਸਪੋਰਟ ਫੀਸ, ਬਿਲਡਿੰਗ ਫੰਡ ਅਤੇ ਹੋਰ ਸਾਰੇ ਚਾਰਜ ਵੀ ਹੁਣ ਟਿਊਸ਼ਨ ਫੀਸ ਦਾ ਹੀ ਹਿੱਸਾ ਮੰਨੇ ਜਾਣਗੇ, ਤਾਂ ਜੋ ਸਕੂਲ ਵੱਖ-ਵੱਖ ਨਾਵਾਂ ਹੇਠ ਵਾਧੂ ਰਕਮ ਵਸੂਲ ਨਾ ਕਰ ਸਕਣ।ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਬੇਲੋੜੀਆਂ ਫੀਸਾਂ ਵਸੂਲਣ ਦੀ ਖੁੱਲ੍ਹ ਦਿੱਤੀ ਹੋਈ ਸੀ, ਜਿਸ ਕਾਰਨ ਮਾਪਿਆਂ 'ਤੇ ਵਿੱਤੀ ਬੋਝ ਵਧਿਆ। ਉਨ੍ਹਾਂ ਕਿਹਾ ਕਿ ਸਿੱਖਿਆ ਕੋਈ ਵਪਾਰ ਨਹੀਂ, ਸਗੋਂ ਲੋਕ ਭਲਾਈ ਦਾ ਸਾਧਨ ਹੈ ਅਤੇ ਸਰਕਾਰ ਇਸ ਨੂੰ ਮੁਨਾਫ਼ਾਖੋਰੀ ਦਾ ਸਾਧਨ ਨਹੀਂ ਬਣਨ ਦੇਵੇਗੀ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਵਿੱਤੀ ਲੈਣ-ਦੇਣ ਦੀ ਲੋੜ ਪੈਣ 'ਤੇ ਫੋਰੈਂਸਿਕ ਆਡਿਟ ਵੀ ਕਰਵਾਇਆ ਜਾਵੇਗਾ।ਆਰਡੀਨੈਂਸ ਅਨੁਸਾਰ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੈਗੂਲੇਟਰੀ ਕਮੇਟੀਆਂ ਫੀਸ ਵਾਧੇ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਜਾਂਚ ਕਰਨਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਪਹਿਲੀ ਵਾਰ 50 ਹਜ਼ਾਰ ਰੁਪਏ ਅਤੇ ਦੂਜੀ ਵਾਰ ਇੱਕ ਲੱਖ ਰੁਪਏ ਜੁਰਮਾਨਾ ਭਰਨਾ ਪਵੇਗਾ। ਤੀਜੀ ਵਾਰ ਉਲੰਘਣਾ ਕਰਨ 'ਤੇ ਸਕੂਲ ਦੀ ਮਾਨਤਾ ਰੱਦ ਕਰਨ ਤੱਕ ਦੀ ਕਾਰਵਾਈ ਕੀਤੀ ਜਾ ਸਕਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਹ ਆਰਡੀਨੈਂਸ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਆਂ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਕਿਸੇ ਵੀ ਮਾਪੇ ਨੂੰ ਨਾਜਾਇਜ਼ ਫੀਸਾਂ ਦਾ ਬੋਝ ਨਾ ਝੱਲਣਾ ਪਵੇ।
ਹਿੰਦੂਸਥਾਨ ਸਮਾਚਾਰ / GURSHARAN SINGH