ਫਰੀਦਕੋਟ: ਲਾਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਲਾਸ਼ ਹਸਪਤਾਲ ਦੇ ਬਾਹਰ ਸੁੱਟੀ, ਹਾਊਸ ਸਰਜਨ ਸਸਪੈਂਡ
ਫਰੀਦਕੋਟ, 14 ਜੁਲਾਈ (ਹਿੰ.ਸ.)| ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਲਾਜ ਦੌਰਾਨ ਇੱਕ ਲਾਵਾਰਿਸ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਕਥਿਤ ਤੌਰ ''ਤੇ ਹਸਪਤਾਲ ਦੇ ਕਰਮਚਾਰੀਆਂ ਵੱਲੋਂ ਉਸ ਦੀ ਲਾਸ਼ ਹਸਪਤਾਲ ਕੰਪਲੈਕਸ ਦ
ਫਰੀਦਕੋਟ: ਲਾਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਲਾਸ਼ ਹਸਪਤਾਲ ਦੇ ਬਾਹਰ ਸੁੱਟੀ, ਹਾਊਸ ਸਰਜਨ ਸਸਪੈਂਡ


ਫਰੀਦਕੋਟ, 14 ਜੁਲਾਈ (ਹਿੰ.ਸ.)| ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਲਾਜ ਦੌਰਾਨ ਇੱਕ ਲਾਵਾਰਿਸ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਕਥਿਤ ਤੌਰ 'ਤੇ ਹਸਪਤਾਲ ਦੇ ਕਰਮਚਾਰੀਆਂ ਵੱਲੋਂ ਉਸ ਦੀ ਲਾਸ਼ ਹਸਪਤਾਲ ਕੰਪਲੈਕਸ ਦੇ ਬਾਹਰ ਸੁੱਟ ਦਿੱਤੀ ਗਈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਰਖਵਾਇਆ ਗਿਆ।

ਇਸ ਗੰਭੀਰ ਲਾਪਰਵਾਹੀ ਦੇ ਮਾਮਲੇ ਵਿੱਚ ਇੱਕ ਹਾਊਸ ਸਰਜਨ (ਐਚ.ਜੀ. ਡਾਕਟਰ) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਕਰੀਬ ਇੱਕ ਹਫ਼ਤਾ ਪਹਿਲਾਂ ਫਿਰੋਜ਼ਪੁਰ ਪੁਲਿਸ ਵੱਲੋਂ ਇੱਕ ਲਾਵਾਰਿਸ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਲਿਆਂਦਾ ਗਿਆ ਸੀ। ਉਸ ਦਾ ਇਲਾਜ ਹਸਪਤਾਲ ਦੇ ਸਰਜਰੀ ਵਿਭਾਗ ਵਿੱਚ ਚੱਲ ਰਿਹਾ ਸੀ। ਸੋਮਵਾਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੋਸ਼ ਹੈ ਕਿ ਸਰਜਰੀ ਵਿਭਾਗ ਵਿੱਚ ਤਾਇਨਾਤ ਇੱਕ ਹਾਊਸ ਸਰਜਨ ਦੇ ਨਿਰਦੇਸ਼ਾਂ 'ਤੇ ਹਸਪਤਾਲ ਕਰਮਚਾਰੀਆਂ ਨੇ ਲਾਸ਼ ਨੂੰ ਹਸਪਤਾਲ ਦੇ ਨੇੜੇ ਰਾਮਬਾਗ ਇਲਾਕੇ ਵਿੱਚ ਛੱਡ ਦਿੱਤਾ।

ਜਦੋਂ ਰਾਹਗੀਰਾਂ ਨੇ ਸੜਕ ਕਿਨਾਰੇ ਲਾਸ਼ ਪਈ ਦੇਖੀ ਤਾਂ ਉਨ੍ਹਾਂ ਨੇ ਸਮਾਜ ਸੇਵੀ ਸੰਸਥਾ ਸਹਾਰਾ ਸੋਸਾਇਟੀ ਦੇ ਪ੍ਰਧਾਨ ਅਸ਼ੋਕ ਭਟਨਾਗਰ ਨੂੰ ਸੂਚਨਾ ਦਿੱਤੀ। ਉਨ੍ਹਾਂ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਮ੍ਰਿਤਕ ਦੇ ਸਰੀਰ 'ਤੇ ਪੱਟੀਆਂ ਲੱਗੀਆਂ ਹੋਈਆਂ ਸਨ, ਜਿਸ ਤੋਂ ਅੰਦਾਜ਼ਾ ਲਗਾਇਆ ਗਿਆ ਕਿ ਇਹ ਵਿਅਕਤੀ ਹਸਪਤਾਲ ਦਾ ਹੀ ਮਰੀਜ਼ ਸੀ।

ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਲਾਸ਼ ਨੂੰ ਤੁਰੰਤ ਮੋਰਚਰੀ ਵਿੱਚ ਰਖਵਾਇਆ ਗਿਆ। ਸਹਾਰਾ ਸੋਸਾਇਟੀ ਦੇ ਪ੍ਰਧਾਨ ਅਸ਼ੋਕ ਭਟਨਾਗਰ ਨੇ ਕਿਹਾ ਕਿ ਨਿਯਮਾਂ ਮੁਤਾਬਕ ਲਾਸ਼ ਨੂੰ ਮੋਰਚਰੀ ਵਿੱਚ ਰੱਖ ਕੇ ਪੁਲਿਸ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਸੀ, ਪਰ ਇਸ ਮਾਮਲੇ ਵਿੱਚ ਨਿਯਮਾਂ ਦੀ ਅਣਦੇਖੀ ਕੀਤੀ ਗਈ।

ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਵਿਭਾਗੀ ਕਮੇਟੀ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਬੰਧਤ ਹਾਊਸ ਸਰਜਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande