
ਚੰਡੀਗੜ੍ਹ, 16 ਜੁਲਾਈ (ਹਿੰ.ਸ.)| ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਐੱਸਆਈਟੀ ਨੇ ਸੁਖਬੀਰ ਬਾਦਲ ਨੂੰ ਆਉਣ ਵਾਲੇ ਸੋਮਵਾਰ ਸਵੇਰੇ 11 ਵਜੇ ਪੁੱਛਗਿੱਛ ਲਈ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੋਂ ਵੀ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਐੱਸਆਈਟੀ ਵੱਲੋਂ ਬੇਅਦਬੀ ਮਾਮਲੇ ਦੀ ਜਾਂਚ ਨੂੰ ਤੇਜ਼ ਕਰਦਿਆਂ ਜੁਲਾਈ 2026 ਦੀ ਸ਼ੁਰੂਆਤ ਵਿੱਚ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਨਵੀਂ ਟੀਮ ਨੇ ਫਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਦੇ ਘਟਨਾ ਸਥਾਨਾਂ ਦਾ ਦੌਰਾ ਕਰਕੇ ਪੂਰੇ ਘਟਨਾਕ੍ਰਮ ਦਾ ਰੀ-ਕ੍ਰੀਏਸ਼ਨ ਕੀਤਾ। ਜਾਂਚ ਟੀਮ ਨੇ ਸਬੂਤਾਂ ਦਾ ਮੁੜ ਮਿਲਾਨ ਕਰਨ ਦੇ ਨਾਲ-ਨਾਲ ਬਾਜਾਖਾਨਾ ਥਾਣੇ ਦਾ ਵੀ ਦੌਰਾ ਕੀਤਾ, ਜਿੱਥੇ ਕੇਸ ਨਾਲ ਸਬੰਧਤ ਡਾਇਰੀ ਅਤੇ ਹੋਰ ਦਸਤਾਵੇਜ਼ ਸੁਰੱਖਿਅਤ ਰੱਖੇ ਹੋਏ ਹਨ।
ਜਾਂਚ ਦੌਰਾਨ ਜੂਨ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਐੱਸਆਈਟੀ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਸੀ। ਇਹ ਬਿਆਨ ਦਸੰਬਰ 2024 ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਗਈ ਬਿਨਾਂ ਸ਼ਰਤ ਮੁਆਫ਼ੀ ਦੇ ਸੰਦਰਭ ਵਿੱਚ ਲਿਆ ਗਿਆ ਸੀ। ਐੱਸਆਈਟੀ ਨੇ ਜੂਨ ਅਤੇ ਜੁਲਾਈ 2026 ਦੌਰਾਨ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਓਐੱਸਡੀ ਗਗਨਦੀਪ ਸਿੰਘ ਬਰਾੜ, ਤਤਕਾਲੀ ਡਿਪਟੀ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੰਤਾਰ ਸਿੰਘ ਬਰਾੜ ਤੋਂ ਵੀ ਪੁੱਛਗਿੱਛ ਕੀਤੀ ਹੈ। ਜਾਂਚ ਟੀਮ ਹੁਣ ਸਾਰੇ ਅਹਿਮ ਵਿਅਕਤੀਆਂ ਦੇ ਬਿਆਨਾਂ ਨੂੰ ਆਪਸ ਵਿੱਚ ਮਿਲਾ ਕੇ ਮਾਮਲੇ ਦੀਆਂ ਪਰਤਾਂ ਖੋਲ੍ਹਣ ਦੀ ਕੋਸ਼ਿਸ਼ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਇਹ ਜਾਂਚ ਸਾਲ 2015 ਵਿੱਚ ਥਾਣਾ ਬਾਜਾਖਾਨਾ ਵਿੱਚ ਦਰਜ ਦੋ ਵੱਖ-ਵੱਖ ਐੱਫਆਈਆਰਾਂ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। 14 ਅਕਤੂਬਰ ਅਤੇ 21 ਅਕਤੂਬਰ 2015 ਨੂੰ ਦਰਜ ਹੋਏ ਇਨ੍ਹਾਂ ਮਾਮਲਿਆਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਬਹਿਬਲ ਕਲਾਂ ਵਿੱਚ ਹੋਏ ਗੋਲੀਕਾਂਡ ਨੇ ਪੰਜਾਬ ਦੀ ਰਾਜਨੀਤੀ ਅਤੇ ਸਮਾਜਿਕ ਮਾਹੌਲ 'ਤੇ ਡੂੰਘਾ ਪ੍ਰਭਾਵ ਪਾਇਆ ਸੀ। ਐੱਸਆਈਟੀ ਦਾ ਮਕਸਦ ਸਾਰੇ ਸਬੰਧਤ ਪੱਖਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਕੇ ਮਾਮਲੇ ਦੀ ਤਹਿ ਤੱਕ ਪਹੁੰਚਣਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH