
ਤਰਨ ਤਾਰਨ, 24 ਜੁਲਾਈ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਹਿਮਾਚਲ ਪ੍ਰਦੇਸ਼ ਤੋਂ ਪਾਕਿਸਤਾਨ ਤੱਕ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਕੰਢਿਆਂ 'ਤੇ ਪੱਕੇ ਬੰਨ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਦਰਿਆਵਾਂ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਤੋਂ ਸਥਾਈ ਸੁਰੱਖਿਆ ਮਿਲ ਸਕੇ। ਖਡੂਰ ਸਾਹਿਬ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਬਾਦਲ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਰਮਨਦੀਪ ਕੌਰ ਅਤੇ ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਵੀ ਮੌਜੂਦ ਸਨ।ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਵਿੱਚ ਲੱਖਾਂ ਏਕੜ ਝੋਨੇ ਦੀ ਫ਼ਸਲ ਤਬਾਹ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਇਸ ਵਾਰ ਹੜ੍ਹ ਰੋਕਣ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਬੰਨ੍ਹਾਂ ਦੀ ਮਜ਼ਬੂਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ ਅਤੇ ਭਾਰੀ ਮੀਂਹ ਦੀ ਸਥਿਤੀ ਵਿੱਚ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਬੰਨ੍ਹਾਂ ਦੀ ਮਜ਼ਬੂਤੀ ਲਈ ਹਰ ਸੰਭਵ ਸਹਾਇਤਾ ਕਰੇਗਾ ਅਤੇ ਡੀਜ਼ਲ ਤੇ ਤਾਰਾਂ ਦੇ ਜਾਲ ਵਰਗੇ ਲੋੜੀਂਦੇ ਪ੍ਰਬੰਧਾਂ ਦਾ ਖ਼ਰਚਾ ਵੀ ਪਾਰਟੀ ਵੱਲੋਂ ਚੁੱਕਿਆ ਜਾਵੇਗਾ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਨਾ ਸਿਰਫ਼ ਪੱਕੇ ਬੰਨ ਬਣਾਏ ਜਾਣਗੇ, ਸਗੋਂ ਬੰਨ੍ਹਾਂ ਦੇ ਨਾਲ-ਨਾਲ ਪੱਕੀਆਂ ਸੜਕਾਂ ਵੀ ਤਿਆਰ ਕੀਤੀਆਂ ਜਾਣਗੀਆਂ, ਜਿਸ ਨਾਲ ਸਰਹੱਦੀ ਅਤੇ ਦਰਿਆਈ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਸੁਖਬੀਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕਥਿਤ ਕੋਸ਼ਿਸ਼ਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਕੁਝ ਨਵੀਆਂ ਸਿਆਸੀ ਧਿਰਾਂ ਆਪਣੇ ਆਪ ਨੂੰ ਅਸਲ ਅਕਾਲੀ ਦਲ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਸਕਦੀਆਂ ਹਨ, ਪਰ ਲੋਕਾਂ ਨੂੰ ਆਪਣੀ ਇਤਿਹਾਸਕ ਪੰਥਕ ਪਾਰਟੀ ਦੀ ਪਛਾਣ ਕਰਨੀ ਚਾਹੀਦੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਤਰਨ ਤਾਰਨ ਸਮੇਤ ਸਰਹੱਦੀ ਇਲਾਕਿਆਂ ਵਿੱਚ ਵੱਡੇ ਵਿਕਾਸ ਕਾਰਜ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਸਨ, ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵਿੱਚ ਸਰਹੱਦੀ ਖੇਤਰ ਵਿਕਾਸ ਤੋਂ ਵਾਂਝੇ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਰਹੱਦੀ ਇਲਾਕਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇੱਥੇ ਉਦਯੋਗ ਸਥਾਪਤ ਕਰਨ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਖੁਸ਼ਹਾਲੀ ਲਿਆਉਣ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH