
ਅਜਨਾਲਾ, 24 ਜੁਲਾਈ (ਹਿੰ.ਸ.)| ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਉੱਝ ਦਰਿਆ ਦੇ ਬੈਰਾਜ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੇਂਦਰ ਸਰਕਾਰ ਨੂੰ ਉੱਝ ਦਰਿਆ 'ਤੇ ਰਣਜੀਤ ਸਾਗਰ ਡੈਮ ਦੀ ਤਰਜ਼ 'ਤੇ ਨਵਾਂ ਡੈਮ ਬਣਾਉਣਾ ਚਾਹੀਦਾ ਹੈ।ਧਾਲੀਵਾਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ ਹੜ੍ਹ ਪੀੜਤ ਪੰਜਾਬ ਲਈ ਐਲਾਨੇ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਵਿੱਚੋਂ ਅਜੇ ਤੱਕ ਇੱਕ ਰੁਪਇਆ ਵੀ ਜਾਰੀ ਨਹੀਂ ਕੀਤਾ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਤੋਂ ਇਹ ਰਾਹਤ ਪੈਕੇਜ ਜਾਰੀ ਕਰਵਾਉਣ ਲਈ ਯਤਨ ਕਰਨ।ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਜਨਾਲਾ ਖੇਤਰ ਵਿੱਚ ਹੜ੍ਹਾਂ ਕਾਰਨ 23 ਥਾਵਾਂ 'ਤੇ ਧੁੱਸੀ ਬੰਨ੍ਹਾਂ ਵਿੱਚ ਪਾੜ ਪਏ ਸਨ, ਜਿਸ ਨਾਲ 198 ਪਿੰਡ ਪ੍ਰਭਾਵਿਤ ਹੋਏ, 10 ਲੋਕਾਂ ਦੀ ਮੌਤ ਹੋਈ ਅਤੇ ਕਰੀਬ 59,793 ਏਕੜ ਫਸਲ ਤਬਾਹ ਹੋਈ ਸੀ।ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਵਾਰ ਮਾਨਸੂਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਪ੍ਰਬੰਧਾਂ 'ਤੇ ਕਰੀਬ 600 ਕਰੋੜ ਰੁਪਏ ਖਰਚ ਕੀਤੇ ਹਨ। ਇਸ ਤਹਿਤ ਧੁੱਸੀ ਬੰਨ੍ਹਾਂ ਦੀ ਮੁਰੰਮਤ, ਦਰਿਆਵਾਂ ਦੀ ਡੀ-ਸਿਲਟਿੰਗ ਅਤੇ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਦੇ ਕੰਮ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਇਸ ਸਮੇਂ ਰਾਵੀ ਦਰਿਆ ਵਿੱਚ ਕਰੀਬ ਸਵਾ ਲੱਖ ਕਿਊਸਿਕ ਪਾਣੀ ਦਾ ਵਹਾਅ ਹੈ, ਜਦਕਿ ਦਰਿਆ ਦੀ ਸਮਰੱਥਾ ਕਰੀਬ 6 ਲੱਖ ਕਿਊਸਿਕ ਹੈ। ਇਸ ਲਈ ਫਿਲਹਾਲ ਅਜਨਾਲਾ ਖੇਤਰ ਵਿੱਚ ਹੜ੍ਹ ਦਾ ਕੋਈ ਤੁਰੰਤ ਖਤਰਾ ਨਹੀਂ ਹੈ, ਹਾਲਾਂਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH