
ਤਰਨਤਾਰਨ, 24 ਜੁਲਾਈ (ਹਿੰ.ਸ.)| ਤਰਨਤਾਰਨ ਦੀ ਨਵੀਂ ਅਨਾਜ ਮੰਡੀ ਵਿੱਚ ਦੋ ਧਿਰਾਂ ਵਿਚਕਾਰ ਹੋਏ ਮਾਮੂਲੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਦੋ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ।ਜਾਣਕਾਰੀ ਅਨੁਸਾਰ ਇਹ ਘਟਨਾ ਮੁਰਾਦਪੁਰਾ ਮੁਹੱਲੇ ਵਿੱਚ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦੌਰਾਨ ਸ਼ੁਰੂ ਹੋਈ। ਮੇਲੇ ਦੀਆਂ ਤਿਆਰੀਆਂ ਵਿਚਕਾਰ ਦੋ ਧਿਰਾਂ ਵਿੱਚ ਕਿਸੇ ਛੋਟੀ ਗੱਲ ਨੂੰ ਲੈ ਕੇ ਬਹਿਸ ਹੋ ਗਈ। ਕੁਝ ਹੀ ਸਮੇਂ ਵਿੱਚ ਇਹ ਵਿਵਾਦ ਵੱਧ ਗਿਆ ਅਤੇ ਦੋਵਾਂ ਪਾਸਿਆਂ ਦੇ ਕਰੀਬ ਇੱਕ ਦਰਜਨ ਨੌਜਵਾਨ ਆਹਮੋ-ਸਾਹਮਣੇ ਆ ਗਏ।ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗਰੁੱਪ ਨਵੀਂ ਅਨਾਜ ਮੰਡੀ ਪਹੁੰਚ ਗਏ, ਜਿੱਥੇ ਉਨ੍ਹਾਂ ਵਿਚਕਾਰ ਹੱਥੋਪਾਈ ਸ਼ੁਰੂ ਹੋ ਗਈ। ਇਸ ਦੌਰਾਨ ਮੁਰਾਦਪੁਰਾ ਵਾਸੀ ਜਸ਼ਨ ਨਾਮਦੇਵ ਨੇ ਕਥਿਤ ਤੌਰ ’ਤੇ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੌਰਾਨ ਮੁਰਾਦਪੁਰਾ ਵਾਸੀ ਰਵੀ ਅਤੇ ਜਸ਼ਨ ਨਾਮਕ ਦੋ ਨੌਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਮੰਡੀ ਵਿੱਚ ਹਫੜਾ-ਦਫੜੀ ਮਚ ਗਈ ਅਤੇ ਮੁਲਜ਼ਮ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਰਾਦਪੁਰਾ ਦੀਆਂ ਦੋ ਧਿਰਾਂ ਵਿਚਕਾਰ ਹੋਏ ਵਿਵਾਦ ਦੌਰਾਨ ਜਸ਼ਨ ਨਾਮਕ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਗਈ।ਪੁਲਿਸ ਨੇ ਪੀੜਤ ਧਿਰ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH