

ਚੰਡੀਗੜ੍ਹ, 24 ਜੁਲਾਈ (ਹਿੰ.ਸ.)| ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਬਖ਼ਸ਼ੇ ਗਏ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਾਈ ਜਾਹੋ-ਜਲਾਲ ਨਾਲ ਹੋਈ। ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੱਕ ਪਹੁੰਚੇਗਾ।ਇਸ ਖਾਲਸਾ ਮਾਰਚ ਦਾ ਮੁੱਖ ਉਦੇਸ਼ ਮੀਰੀ-ਪੀਰੀ ਦੇ ਸਿਧਾਂਤ ਨੂੰ ਸੰਗਤਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ, ਪੰਥਕ ਚੇਤਨਾ ਅਤੇ ਕੌਮੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ ਦਾ ਸੰਦੇਸ਼ ਫੈਲਾਉਣਾ ਹੈ।ਮਾਰਚ ਦੀ ਸ਼ੁਰੂਆਤ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਮੀਰੀ ਪੀਰੀ ਖਾਲਸਾ ਮਾਰਚ ਵਿੱਚ ਨਿਹੰਗ ਸਿੰਘ ਦਲਾਂ ਵੱਲੋਂ ਹਾਥੀਆਂ, ਊਠਾਂ ਅਤੇ ਘੋੜਿਆਂ ਸਮੇਤ ਕੀਤੀ ਗਈ ਸ਼ਮੂਲੀਅਤ ਨੇ ਇਸ ਦੀ ਸ਼ਾਨ ਵਿੱਚ ਹੋਰ ਵਾਧਾ ਕੀਤਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੀ ਇਸ ਧਾਰਮਿਕ ਯਾਤਰਾ ਦਾ ਹਿੱਸਾ ਬਣੇ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਦਿੱਤਾ ਗਿਆ ਮੀਰੀ-ਪੀਰੀ ਦਾ ਸਿਧਾਂਤ ਸਿੱਖੀ ਦੀ ਆਤਮਾ ਹੈ। ਇਹ ਸਿਧਾਂਤ ਮਨੁੱਖ ਨੂੰ ਇੱਕ ਪਾਸੇ ਅਕਾਲ ਪੁਰਖ ਨਾਲ ਜੋੜਦਾ ਹੈ ਅਤੇ ਦੂਜੇ ਪਾਸੇ ਜ਼ੁਲਮ, ਬੇਇਨਸਾਫ਼ੀ ਅਤੇ ਅਨਿਆਂ ਦੇ ਵਿਰੁੱਧ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਸੰਤ ਅਤੇ ਸਿਪਾਹੀ ਦੇ ਆਦਰਸ਼ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਨਗਾਰਾ ਵਜਾ ਕੇ ਸਿੱਖ ਕੌਮ ਦੀ ਅਜ਼ਾਦ ਹੋਂਦ ਅਤੇ ਸਵੈਮਾਣ ਦਾ ਐਲਾਨ ਕੀਤਾ ਗਿਆ ਸੀ।ਜਥੇਦਾਰ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਨੇ ਮੀਰੀ-ਪੀਰੀ ਦੇ ਸਿਧਾਂਤ ਨੂੰ ਅਪਣਾ ਕੇ ਹਰ ਚੁਣੌਤੀ ਦਾ ਸਾਹਮਣਾ ਕੀਤਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਅਤੇ ਜਰਨੈਲ ਹਰੀ ਸਿੰਘ ਨਲੂਆ ਵਰਗੇ ਯੋਧਿਆਂ ਦੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਹ ਸਿਧਾਂਤ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਿਹਾ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ, ਨਾਮ ਸਿਮਰਨ, ਸੇਵਾ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਨਾਲ ਜੁੜਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਇਕਜੁਟ ਹੋ ਕੇ ਹੀ ਕੌਮ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਦੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਨੂੰ ਆਤਮਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਤੁਲਨ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਮਾਰਚ ਦਾ ਉਦੇਸ਼ ਇਸ ਮਹਾਨ ਵਿਰਾਸਤ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਗਤਾਂ ਨੂੰ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਅਤੇ ਆਦੇਸ਼ ਸਿੱਖ ਕੌਮ ਲਈ ਹਮੇਸ਼ਾ ਮਹੱਤਵਪੂਰਨ ਰਹੇ ਹਨ।ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਧਾਰਨ ਕੀਤੀਆਂ ਮੀਰੀ-ਪੀਰੀ ਦੀਆਂ ਕਿਰਪਾਨਾਂ ਦੇ ਦਰਸ਼ਨ ਵੀ ਕਰਵਾਏ ਗਏ। ਵੱਖ-ਵੱਖ ਪੜਾਵਾਂ ’ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਦਰਬਾਰਾ ਸਿੰਘ ਗੁਰੂ, ਸੁੱਚਾ ਸਿੰਘ ਲੰਗਾਹ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਤਜਿੰਦਰ ਸਿੰਘ ਮਿੱਡੂਖੇੜਾ, ਡਾ. ਦਲਜੀਤ ਸਿੰਘ ਚੀਮਾ, ਅਰਸ਼ਦੀਪ ਸਿੰਘ ਕਲੇਰ, ਸਰਬਜੀਤ ਸਿੰਘ ਝਿੰਜਰ, ਕੰਵਰਜੀਤ ਸਿੰਘ ਰੋਜੀ ਬਰਕੰਦੀ, ਗੁਰਬਚਨ ਸਿੰਘ ਬੱਬੇਹਾਲੀ, ਸੁਰਜੀਤ ਸਿੰਘ ਭਲਵਾਨ, ਗੁਰਪ੍ਰੀਤ ਸਿੰਘ ਰੰਧਾਵਾ, ਸ੍ਰੀ ਪ੍ਰੇਮ ਕੁਮਾਰ ਅਰੋੜਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬਿਕਰਮ ਸਿੰਘ ਔਰੰਗਾਬਾਦ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH