ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 24 ਜੁਲਾਈ (ਹਿੰ.ਸ.)| ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਾਤਾ ਅਤੇ ਬੱਚਾ ਸਿਹਤ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 4,056 ਗਰਭਵਤੀ ਅਤੇ ਦੁੱਧ ਪਿਲਾ
ਵਿਧਾਇਕਾ ਜੀਵਨ ਜੋਤ ਕੌਰ ਸੰਬੋਧਨ ਕਰਦੇ ਹੋਏ।


ਅੰਮ੍ਰਿਤਸਰ, 24 ਜੁਲਾਈ (ਹਿੰ.ਸ.)| ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਾਤਾ ਅਤੇ ਬੱਚਾ ਸਿਹਤ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 4,056 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ਨੂੰ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਜੀਵਨ ਜੋਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ 'ਤੇ ਲਾਭਪਾਤਰੀ ਮਹਿਲਾ ਨੂੰ 5,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3,000 ਰੁਪਏ ਅਤੇ ਦੂਜੀ ਕਿਸ਼ਤ 2,000 ਰੁਪਏ ਦੀ ਹੁੰਦੀ ਹੈ। ਜੇਕਰ ਦੂਜਾ ਬੱਚਾ ਧੀ ਹੋਵੇ ਤਾਂ 6,000 ਰੁਪਏ ਦੀ ਸਹਾਇਤਾ ਇੱਕੋ ਕਿਸ਼ਤ ਵਿੱਚ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ ਭੇਜੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 36,154 ਮਹਿਲਾਵਾਂ ਇਸ ਸਕੀਮ ਅਧੀਨ ਰਜਿਸਟਰ ਹੋ ਚੁੱਕੀਆਂ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਹੱਕਦਾਰ ਮਹਿਲਾਵਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ।

ਵਿਧਾਇਕਾ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਸਹਾਇਤਾ ਤੱਕ ਸੀਮਿਤ ਨਹੀਂ ਹੈ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਲੋੜੀਂਦੀਆਂ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ ਅਤੇ ਹਰ ਬੱਚੇ ਨੂੰ ਸੁਰੱਖਿਅਤ ਤੇ ਸਿਹਤਮੰਦ ਸ਼ੁਰੂਆਤ ਮਿਲੇ।

ਜੀਵਨ ਜੋਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande