
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਹੁਣ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ ਅਤੇ ਪੈਸੇ ਜਾਂ ਸਿਫ਼ਾਰਸ਼ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਹੁਣ ਤੱਕ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ, ਜੋ ਸਰਕਾਰ ਦੀ ਇਮਾਨਦਾਰ ਅਤੇ ਨਿਰਪੱਖ ਕਾਰਗੁਜ਼ਾਰੀ ਦਾ ਪ੍ਰਮਾਣ ਹੈ।ਜ਼ੀਰਕਪੁਰ ਵਿੱਚ ਨੀਟ-2026 ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਸਿੱਖਿਆ ਖੇਤਰ ਲਈ ਇਤਿਹਾਸਕ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਸਿਰਫ਼ 82 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ ਪਾਸ ਹੋਏ ਸਨ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 882 ਹੋ ਗਈ ਹੈ। ਇਹ ਤਬਦੀਲੀ ਸਿੱਖਿਆ ਸੁਧਾਰਾਂ, ਮੁਫ਼ਤ ਕੋਚਿੰਗ, ਮੈਂਟੋਰਸ਼ਿਪ ਅਤੇ ਅਧਿਆਪਕਾਂ ਦੀ ਵਿਸ਼ੇਸ਼ ਸਿਖਲਾਈ ਦਾ ਨਤੀਜਾ ਹੈ।ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਖ਼ਤ ਮਿਹਨਤ, ਨਿਮਰਤਾ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਸਮਾਗਮ ਦੌਰਾਨ ਕਈ ਵਿਦਿਆਰਥੀਆਂ ਨੇ ਮੁੱਖ ਮੰਤਰੀ ਤੋਂ ਆਟੋਗ੍ਰਾਫ ਵੀ ਲਏ ਅਤੇ ਹੱਥਾਂ ਨਾਲ ਬਣਾਏ ਉਨ੍ਹਾਂ ਦੇ ਚਿੱਤਰ ਭੇਟ ਕਰਕੇ ਆਪਣਾ ਪਿਆਰ ਜਤਾਇਆ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਫਿਨਲੈਂਡ ਅਤੇ ਆਈਆਈਐਮ ਵਰਗੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਹੈ, ਜਿਸ ਦਾ ਸਕਾਰਾਤਮਕ ਪ੍ਰਭਾਵ ਹੁਣ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਸਾਫ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਪੇਸ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ, ਮੌਕ ਟੈਸਟ ਅਤੇ ਕਰੀਅਰ ਗਾਈਡੈਂਸ ਮੁਹੱਈਆ ਕਰਵਾਈ ਜਾ ਰਹੀ ਹੈ।ਪੇਪਰ ਲੀਕ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਕਾਰਨ ਕਈ ਹੋਣਹਾਰ ਵਿਦਿਆਰਥੀਆਂ ਦੇ ਸੁਪਨੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੋਈ ਵੀ ਪ੍ਰੀਖਿਆ ਪੇਪਰ ਲੀਕ ਨਹੀਂ ਹੋਇਆ। ਹਾਲ ਹੀ ਵਿੱਚ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਨਕਲ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ, ਹਜ਼ਾਰਾਂ ਨਵੇਂ ਅਧਿਆਪਕਾਂ ਦੀ ਭਰਤੀ ਕਰਨ ਅਤੇ ਡਿਜ਼ੀਟਲ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਤੀਜੇ ਵਜੋਂ ਪੰਜਾਬ ਅੱਜ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੀ ਸੇਵਾ ਲਈ ਸਮਰਪਿਤ ਰਹਿਣ ਅਤੇ ਆਪਣੇ ਗਿਆਨ ਰਾਹੀਂ ‘ਰੰਗਲਾ ਪੰਜਾਬ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH