
ਅੰਮ੍ਰਿਤਸਰ, 26 ਜੁਲਾਈ (ਹਿੰ.ਸ.)|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਐਤਵਾਰ ਨੂੰ ਗੁਰਦੁਆਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਦੇ ਉਪਰਾਲੇ ਨਾਲ ਕਰਵਾਏ ਗਏ ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਉਦੇਸ਼ ਸਿੱਖ ਨੌਜਵਾਨੀ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖ ਸਿਧਾਂਤਾਂ ਨਾਲ ਜੋੜਨਾ ਹੈ, ਤਾਂ ਜੋ ਉਹ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲ ਸਕਣ। ਉਨ੍ਹਾਂ ਕਿਹਾ ਕਿ ਇਸੇ ਮਨੋਰਥ ਨਾਲ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਗੁਰਮਤਿ ਸਮਾਗਮਾਂ ਦੀ ਲੜੀ ਚਲਾਈ ਜਾ ਰਹੀ ਹੈ।
ਧਾਮੀ ਨੇ ਕਿਹਾ ਕਿ ਅੱਜ ਕੁਝ ਤਾਕਤਾਂ ਸਿੱਖਾਂ ਨੂੰ ਗੁਰਬਾਣੀ ਅਤੇ ਆਪਣੇ ਇਤਿਹਾਸ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸਿੱਖ ਕੌਮ ਦੀ ਅਸਲੀ ਤਾਕਤ ਗੁਰੂ ਗ੍ਰੰਥ ਸਾਹਿਬ, ਸਿੱਖ ਇਤਿਹਾਸ ਅਤੇ ਕੁਰਬਾਨੀਆਂ ਦੀ ਵਿਰਾਸਤ ਵਿੱਚ ਵੱਸਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਅਰਦਾਸ ਦਾ ਹਰ ਸ਼ਬਦ ਗੁਰੂ ਸਾਹਿਬਾਨ, ਸ਼ਹੀਦਾਂ, ਸਿੰਘਾਂ-ਸਿੰਘਣੀਆਂ ਅਤੇ ਖਾਲਸਾ ਪੰਥ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ ਅਤੇ ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ ਦਾ ਸੰਦੇਸ਼ ਪੂਰੀ ਮਨੁੱਖਤਾ ਦੀ ਭਲਾਈ ਦਾ ਪ੍ਰਤੀਕ ਹੈ।
ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ, ਜਿਸ ਅੱਗੇ ਵੱਡੀਆਂ-ਵੱਡੀਆਂ ਤਾਕਤਾਂ ਨੇ ਵੀ ਸਿਰ ਨਿਵਾਇਆ ਹੈ। ਰਾਜਨੀਤਿਕ ਹਾਲਾਤ ਸਮੇਂ ਦੇ ਨਾਲ ਬਦਲ ਸਕਦੇ ਹਨ, ਪਰ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਪੰਥ ਦੀ ਅਗਵਾਈ 'ਤੇ ਅਟੱਲ ਵਿਸ਼ਵਾਸ ਰੱਖਣ ਅਤੇ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ।
ਐਡਵੋਕੇਟ ਧਾਮੀ ਨੇ ਨੌਜਵਾਨਾਂ ਨੂੰ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਅਤੇ ਅੰਮ੍ਰਿਤ ਛਕ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਵੀ ਦਿੱਤਾ।
ਸਮਾਗਮ ਦੌਰਾਨ ਕੀਰਤਨ, ਗੁਰਬਾਣੀ ਵਿਚਾਰ ਅਤੇ ਧਾਰਮਿਕ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਦਾ ਸੰਦੇਸ਼ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਇਸ ਗੁਰਮਤਿ ਸਮਾਗਮ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲਿਆ।
ਹਿੰਦੂਸਥਾਨ ਸਮਾਚਾਰ / GURSHARAN SINGH