ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਕੀਤਾ ਨਮਨ
ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਕਾਰਗਿਲ ਵਿਜੈ ਦਿਵਸ ਦੇ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਵਾਰ ਮੈਮੋਰੀਅਲ ’ਤੇ ਫੁੱਲਮਾਲਾ ਚੜ੍
CM Bhagwant Singh Mann paying heartfelt tributes to the soldiers.


ਚੰਡੀਗੜ੍ਹ, 26 ਜੁਲਾਈ (ਹਿੰ.ਸ.)| ਕਾਰਗਿਲ ਵਿਜੈ ਦਿਵਸ ਦੇ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਵਾਰ ਮੈਮੋਰੀਅਲ ’ਤੇ ਫੁੱਲਮਾਲਾ ਚੜ੍ਹਾ ਕੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਨੂੰ ਸਲਾਮ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਿਵਿਆਂਗ ਸਾਬਕਾ ਸੈਨਿਕਾਂ ਨੂੰ ਪੰਜ ਦੋ-ਪਹੀਆ ਵਾਹਨ ਵੀ ਵੰਡੇ। ਇਸ ਤੋਂ ਇਲਾਵਾ ਉਨ੍ਹਾਂ ਐਨ.ਸੀ.ਸੀ. ਕੈਡੇਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡੇਟਾਂ ਨੂੰ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋ ਕੇ ਦੇਸ਼ ਸੇਵਾ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਯੁੱਧ ਦੌਰਾਨ 527 ਬਹਾਦਰ ਜਵਾਨਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਿਨ੍ਹਾਂ ਵਿੱਚ ਪੰਜਾਬ ਦੇ 65 ਤੋਂ ਵੱਧ ਸਪੂਤ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।

ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਸਿਰਫ਼ ਆਪਣੇ ਪਰਿਵਾਰਾਂ ਦੇ ਨਹੀਂ ਹੁੰਦੇ, ਸਗੋਂ ਪੂਰੇ ਦੇਸ਼ ਦੀ ਅਮੁੱਲ ਦੌਲਤ ਹੁੰਦੇ ਹਨ। ਅੱਜ ਦੇਸ਼ ਜਿਸ ਆਜ਼ਾਦੀ ਅਤੇ ਸੁਰੱਖਿਆ ਦਾ ਆਨੰਦ ਮਾਣ ਰਿਹਾ ਹੈ, ਉਹ ਸਾਡੇ ਜਵਾਨਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਜੋ ਕੌਮਾਂ ਆਪਣੇ ਇਤਿਹਾਸ ਦਾ ਸਤਿਕਾਰ ਕਰਦੀਆਂ ਹਨ, ਉਹ ਹਮੇਸ਼ਾ ਤਰੱਕੀ ਕਰਦੀਆਂ ਹਨ। ਕਾਰਗਿਲ ਯੁੱਧ ਨੂੰ ਯਾਦ ਕਰਨਾ ਹਰ ਭਾਰਤੀ ਲਈ ਮਾਣ ਦਾ ਪਲ ਹੈ, ਕਿਉਂਕਿ 1999 ਵਿੱਚ ਪੂਰਾ ਦੇਸ਼ ਜਵਾਨਾਂ ਦੇ ਹੌਸਲੇ ਦੇ ਨਾਲ ਇਕਜੁੱਟ ਹੋ ਕੇ ਖੜ੍ਹਾ ਹੋਇਆ ਸੀ।

ਮੁੱਖ ਮੰਤਰੀ ਨੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਹਰੇਕ ਜਵਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸੈਨਿਕਾਂ ਦੀ ਮਹਾਨ ਸੇਵਾ ਲਈ ਸਤਿਕਾਰ ਦਾ ਇੱਕ ਛੋਟਾ ਜਿਹਾ ਯਤਨ ਹੈ।

ਐਨ.ਸੀ.ਸੀ. ਕੈਡੇਟਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਬਲਾਂ ਰਾਹੀਂ ਦੇਸ਼ ਦੀ ਸੇਵਾ ਕਰਨਾ ਸਭ ਤੋਂ ਮਾਣਯੋਗ ਕਾਰਜਾਂ ਵਿੱਚੋਂ ਇੱਕ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਸੇਵਾ ਲਈ ਅੱਗੇ ਆਉਣ ਅਤੇ ਆਪਣੀ ਮਿਹਨਤ ਨਾਲ ਨਵੀਆਂ ਮਿਸਾਲਾਂ ਕਾਇਮ ਕਰਨ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਹਥਿਆਰਬੰਦ ਬਲਾਂ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਸਮਾਗਮ ਦੌਰਾਨ ਸ਼ਹੀਦਾਂ ਦੇ ਸਤਿਕਾਰ ਵਿੱਚ ‘ਲਾਸਟ ਪੋਸਟ’ ਦੀ ਧੁਨ ਵਜਾਈ ਗਈ ਅਤੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande