ਪੀਐੱਸਪੀਸੀਐੱਲ ਦੀਆਂ 16 ਯੂਨੀਅਨਾਂ ਤੇ ਆਮ ਆਦਮੀ ਕਲੀਨਿਕ ਸਟਾਫ਼ ਨੇ ਹੜਤਾਲ ਵਾਪਸ ਲਈ, ਸੇਵਾਵਾਂ ਮੁੜ ਬਹਾਲ: ਚੀਮਾ
ਚੰਡੀਗੜ੍ਹ, 28 ਜੁਲਾਈ (ਹਿੰ.ਸ.)| ਪੰਜਾਬ ਵਿੱਚ ਜਨਤਕ ਸੇਵਾਵਾਂ ਦੀ ਬਹਾਲੀ ਲਈ ਵੱਡੀ ਰਾਹਤ ਦਿੰਦਿਆਂ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੀਆ
ਮੰਤਰੀ ਹਰਪਾਲ ਸਿੰਘ ਚੀਮਾ ਜਾਣਕਾਰੀ ਦਿੰਦੇ ਹੋਏ।


ਚੰਡੀਗੜ੍ਹ, 28 ਜੁਲਾਈ (ਹਿੰ.ਸ.)| ਪੰਜਾਬ ਵਿੱਚ ਜਨਤਕ ਸੇਵਾਵਾਂ ਦੀ ਬਹਾਲੀ ਲਈ ਵੱਡੀ ਰਾਹਤ ਦਿੰਦਿਆਂ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕ (ਏਏਸੀ) ਸਟਾਫ਼ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਸਾਰੇ ਕਰਮਚਾਰੀ ਮੁੜ ਡਿਊਟੀ 'ਤੇ ਪਰਤ ਆਏ ਹਨ।ਚੀਮਾ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਦੌਰਾਨ ਸਰਕਾਰ ਅਤੇ ਯੂਨੀਅਨਾਂ ਵਿਚਾਲੇ ਹੋਈਆਂ ਲੰਬੀਆਂ ਮੀਟਿੰਗਾਂ ਤੋਂ ਬਾਅਦ ਇਹ ਸਹਿਮਤੀ ਬਣੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਪੀਐੱਸਪੀਸੀਐੱਲ ਹੈੱਡ ਆਫਿਸ ਵਿੱਚ ਪੰਜ ਘੰਟਿਆਂ ਤੱਕ ਚੱਲੀ ਮੀਟਿੰਗ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ, ਪੀਐੱਸਪੀਸੀਐੱਲ ਦੇ ਸੀਐੱਮਡੀ ਅਤੇ ਯੂਨੀਅਨ ਆਗੂਆਂ ਨਾਲ ਦੇਰ ਰਾਤ ਤੱਕ ਚੱਲੀ ਗੱਲਬਾਤ ਦੌਰਾਨ ਸਾਰੇ ਮੁੱਦਿਆਂ 'ਤੇ ਸਹਿਮਤੀ ਬਣ ਗਈ।ਵਿੱਤ ਮੰਤਰੀ ਨੇ ਦੱਸਿਆ ਕਿ ਬਿਜਲੀ ਕਰਮਚਾਰੀਆਂ ਦੀਆਂ ਵਿੱਤੀ ਮੰਗਾਂ ਦੇ ਹੱਲ ਲਈ ਸਰਕਾਰ ਨੇ ਇੱਕ ਵਿਸ਼ੇਸ਼ ਵਿੱਤੀ ਕਮੇਟੀ ਦਾ ਗਠਨ ਕੀਤਾ ਹੈ, ਜੋ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੀਐੱਸਪੀਸੀਐੱਲ ਦੀਆਂ ਸਾਰੀਆਂ 16 ਯੂਨੀਅਨਾਂ ਨੇ ਕੰਮਕਾਜ ਆਮ ਵਾਂਗ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ।ਚੀਮਾ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਟਾਫ਼ ਯੂਨੀਅਨ ਨਾਲ ਵੀ ਸਫਲ ਗੱਲਬਾਤ ਹੋਈ ਹੈ। ਸਰਕਾਰ ਨੇ ਰੈਗੂਲਰ ਅਸਾਮੀਆਂ ਦੀ ਭਰਤੀ ਦੌਰਾਨ ਕਰਮਚਾਰੀਆਂ ਦੇ ਸੇਵਾ ਤਜਰਬੇ ਨੂੰ ਤਰਜੀਹ ਦੇਣ ਦੀ ਮੁੱਖ ਮੰਗ ਮੰਨ ਲਈ ਹੈ, ਜਦਕਿ ਹੋਰ ਪ੍ਰਸ਼ਾਸਕੀ ਮੰਗਾਂ 'ਤੇ ਵੀ ਵਿਚਾਰ ਜਾਰੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਫਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਉਨ੍ਹਾਂ ਦੀਆਂ ਪ੍ਰਮੁੱਖ ਯੂਨੀਅਨਾਂ ਨੇ ਵੀ ਆਪਣਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।ਵਿੱਤ ਮੰਤਰੀ ਨੇ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੂੰ ਠੇਕੇ 'ਤੇ ਲਿਆਉਣ ਲਈ ਇੱਕ ਆਰਡੀਨੈਂਸ ਰਾਜਪਾਲ ਕੋਲ ਭੇਜਿਆ ਗਿਆ ਹੈ, ਜਿਸ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਵਧੇਰੇ ਨੌਕਰੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਮਿਲਣ ਦਾ ਰਾਹ ਖੁੱਲੇਗਾ।ਉਨ੍ਹਾਂ ਕਿਹਾ ਕਿ ਹੜਤਾਲਾਂ ਖ਼ਤਮ ਹੋਣ ਨਾਲ ਸੂਬੇ ਵਿੱਚ ਬਿਜਲੀ ਸਪਲਾਈ, ਸਿਹਤ ਸੇਵਾਵਾਂ ਅਤੇ ਹੋਰ ਜਨਤਕ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਹੋ ਗਈਆਂ ਹਨ। ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande