ਸਿੱਖ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਲਾਗੂ ਕਰਵਾਉਣ: ਜਥੇਦਾਰ ਕੁਲਦੀਪ ਸਿੰਘ ਗੜਗੱਜ
ਫਰੀਦਕੋਟ, 31 ਜੁਲਾਈ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਆਪਣੀ ਬਣਦੀ ਭੂਮਿਕਾ ਨਿਭਾਉਣ। ਮੀਰੀ-ਪੀਰੀ ਖਾਲ
ਮੀਰੀ-ਪੀਰੀ ਖਾਲਸਾ ਮਾਰਚ ਦੇ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ


ਫਰੀਦਕੋਟ, 31 ਜੁਲਾਈ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਆਪਣੀ ਬਣਦੀ ਭੂਮਿਕਾ ਨਿਭਾਉਣ। ਮੀਰੀ-ਪੀਰੀ ਖਾਲਸਾ ਮਾਰਚ ਦੇ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਸੰਬੋਧਨ ਕਰਦਿਆਂ ਗਿਆਨੀ ਗੜਗੱਜ ਨੇ ਕਿਹਾ ਕਿ ਸਿੱਖ ਲਈ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਪੰਥ ਹਨ। ਉਨ੍ਹਾਂ ਕਿਹਾ ਕਿ ਜੋ ਵੀ ਗੱਲ ਗੁਰੂ ਸਾਹਿਬ ਦੀ ਮਰਿਆਦਾ ਅਤੇ ਗੁਰੂ ਪੰਥ ਦੇ ਸਿਧਾਂਤਾਂ ਦੇ ਵਿਰੁੱਧ ਹੋਵੇਗੀ, ਉਸ ਨੂੰ ਸਿੱਖ ਕਦੇ ਵੀ ਪ੍ਰਵਾਨ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦਾ ਕਾਨੂੰਨ ਬਣਾਉਣ 'ਤੇ ਸਿੱਖ ਪੰਥ ਨੂੰ ਕੋਈ ਇਤਰਾਜ਼ ਨਹੀਂ ਹੈ, ਪਰ ਗੁਰੂ ਸਾਹਿਬ ਦੇ ਸਰੂਪਾਂ ਦੀ ਸੇਵਾ, ਸੰਭਾਲ ਅਤੇ ਮਰਿਆਦਾ ਨਾਲ ਜੁੜੇ ਫੈਸਲੇ ਲੈਣ ਦਾ ਅਧਿਕਾਰ ਕੇਵਲ ਗੁਰੂ ਪੰਥ ਕੋਲ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਅਧਿਕਾਰੀ ਵੱਲੋਂ ਸਿੱਖਾਂ ਦੇ ਘਰਾਂ ਵਿੱਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਜਾਂਚ ਕਰਨਾ ਧਾਰਮਿਕ ਆਜ਼ਾਦੀ ਅਤੇ ਗੁਰੂ-ਸਿੱਖ ਦੇ ਪਵਿੱਤਰ ਰਿਸ਼ਤੇ ਵਿੱਚ ਦਖਲ ਦੇ ਬਰਾਬਰ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ।

ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਦੂਰ ਕੀਤਾ ਜਾਵੇ ਅਤੇ ਐਕਟ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਗੁਰੂ ਅਤੇ ਗੁਰੂ ਪੰਥ ਦੀ ਮਹੱਤਤਾ ਹਮੇਸ਼ਾ ਸਭ ਤੋਂ ਉੱਪਰ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦਾ ਸਰਵਉੱਚ ਅਸਥਾਨ ਹੈ ਅਤੇ ਇਸ ਦੀ ਮਰਿਆਦਾ ਅਤੇ ਫੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਉਦੇਸ਼ ਕਿਸੇ ਨਾਲ ਟਕਰਾਅ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਸਿੱਖ ਇਤਿਹਾਸ ਅਤੇ ਪੰਥਕ ਚੇਤਨਾ ਬਾਰੇ ਸੰਗਤਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਸਿੱਖ ਵਿਰਸੇ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande