
ਚੰਡੀਗੜ੍ਹ, 05 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਦੇ ਅਨੁਸੂਚਿਤ ਜਾਤੀ (ਐਸਸੀ) ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਲ 2026-27 ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪੋਰਟਲ ਖੋਲ੍ਹ ਦਿੱਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸਕੀਮ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐਨਐਸਪੀ) ਰਾਹੀਂ 1 ਜੁਲਾਈ 2026 ਤੋਂ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਿਸੇ ਵੀ ਹੋਣਹਾਰ ਵਿਦਿਆਰਥੀ ਦੀ ਪੜ੍ਹਾਈ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ ਅਤੇ ਯੋਗ ਵਿਦਿਆਰਥੀ 15 ਨਵੰਬਰ 2026 ਤੱਕ ਆਪਣੀਆਂ ਅਰਜ਼ੀਆਂ ਜ਼ਰੂਰ ਜਮ੍ਹਾਂ ਕਰਵਾਉਣ। ਇਸ ਸਕੀਮ ਤਹਿਤ 30 ਨਵੰਬਰ ਤੱਕ ਨੁਕਸਦਾਰ ਅਰਜ਼ੀਆਂ ਵਿੱਚ ਸੋਧ ਅਤੇ ਸੰਸਥਾਵਾਂ ਵੱਲੋਂ ਪੜਤਾਲ ਕੀਤੀ ਜਾਵੇਗੀ, ਜਦਕਿ 15 ਦਸੰਬਰ ਤੱਕ ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਅੰਤਿਮ ਤਸਦੀਕ ਦੀ ਪ੍ਰਕਿਰਿਆ ਪੂਰੀ ਹੋਵੇਗੀ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮਕਸਦ ਹਰ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਯੋਜਨਾ ਨਾ ਸਿਰਫ਼ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦਾ ਬੋਝ ਘਟਾਏਗੀ, ਸਗੋਂ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਬ੍ਰੇਨ ਡਰੇਨ ਨੂੰ ਰੋਕਣ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰੀਆਂ ਅਤੇ ਸਿੱਖਿਆ ਸੰਸਥਾਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਯੋਗ ਵਿਦਿਆਰਥੀਆਂ ਨੂੰ ਅਰਜ਼ੀਆਂ ਭਰਨ ਵਿੱਚ ਪੂਰਾ ਸਹਿਯੋਗ ਦੇਣ, ਤਾਂ ਜੋ ਕੋਈ ਵੀ ਵਿਦਿਆਰਥੀ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH