ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਸਮਰਥਨ 'ਚ ਮੁੱਖ ਮੰਤਰੀ ਖਿਲਾਫ਼ ਮਤਾ ਪਾਸ
ਪੰਜਾਬ ਭਰ ਵਿੱਚ ਪੰਥਕ ਲਹਿਰ ਤੇਜ਼ ਕਰਨ ਦਾ ਐਲਾਨਸਿੱਖ ਜਥੇਬੰਦੀਆਂ ਨੂੰ ਇਕਜੁੱਟ ਰਹਿਣ ਦੀ ਅਪੀਲ ਅੰਮ੍ਰਿਤਸਰ, 05 ਜੁਲਾਈ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ
ਮੰਜੀ ਸਾਹਿਬ ਵਿਖੇ ਪੰਥਕ ਇਕੱਠ।


ਮੰਜੀ ਸਾਹਿਬ ਵਿਖੇ ਪੰਥਕ ਇਕੱਠ।


ਮੰਜੀ ਸਾਹਿਬ ਵਿਖੇ ਪੰਥਕ ਇਕੱਠ।


ਪੰਜਾਬ ਭਰ ਵਿੱਚ ਪੰਥਕ ਲਹਿਰ ਤੇਜ਼ ਕਰਨ ਦਾ ਐਲਾਨਸਿੱਖ ਜਥੇਬੰਦੀਆਂ ਨੂੰ ਇਕਜੁੱਟ ਰਹਿਣ ਦੀ ਅਪੀਲ

ਅੰਮ੍ਰਿਤਸਰ, 05 ਜੁਲਾਈ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕਰਵਾਇਆ ਗਿਆ। ਇਹ ਇਕੱਠ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ’ ਐਲਾਨਣ ਦੇ ਫ਼ੈਸਲੇ ਦੀ ਪ੍ਰੋੜ੍ਹਤਾ ਲਈ ਸੱਦਿਆ ਗਿਆ ਸੀ। ਸਮਾਗਮ ਵਿੱਚ ਵੱਖ-ਵੱਖ ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਨਿਹੰਗ ਸਿੰਘ ਦਲਾਂ, ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਨੁਮਾਇੰਦੇ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਮੇਜਰ ਸਿੰਘ ਸੋਢੀ ਸਮੇਤ ਕਈ ਧਾਰਮਿਕ ਅਤੇ ਪੰਥਕ ਸ਼ਖ਼ਸੀਅਤਾਂ ਹਾਜ਼ਰ ਸਨ।ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਕੀਤਾ ਗਿਆ ਸੱਚ ਦਾ ਤਖ਼ਤ ਹੈ, ਜਿਸ ਦੀ ਸਰਵਉੱਚਤਾ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਰ ਸਿੱਖ ਦਾ ਧਾਰਮਿਕ ਫ਼ਰਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮੁੱਚੇ ਪੰਥ ਦਾ ਇਕਜੁੱਟ ਹੋ ਕੇ ਖੜ੍ਹਨਾ ਉਨ੍ਹਾਂ ਤਾਕਤਾਂ ਲਈ ਸਪੱਸ਼ਟ ਸੰਦੇਸ਼ ਹੈ ਜੋ ਸਿੱਖ ਸੰਸਥਾਵਾਂ ਦੀ ਮਾਣ-ਮਰਯਾਦਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।ਇਸ ਮੌਕੇ ਸਮੂਹ ਜਥੇਬੰਦੀਆਂ ਦੀ ਸਹਿਮਤੀ ਨਾਲ ਪੰਜ ਮਤੇ ਪਾਸ ਕੀਤੇ ਗਏ। ਇਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਸਾਰੀਆਂ ਸਿੱਖ ਸੰਸਥਾਵਾਂ ਤੱਕ ਪਹੁੰਚਾਉਣ, ਪੰਜਾਬ ਭਰ ਵਿੱਚ ਪੰਥਕ ਇਕੱਠ ਕਰਵਾਉਣ, ਪਿੰਡ ਪੱਧਰ 'ਤੇ ਕਮੇਟੀਆਂ ਬਣਾਉਣ, ਸੋਸ਼ਲ ਮੀਡੀਆ 'ਤੇ ਹੋ ਰਹੇ ਕਥਿਤ ਦੁਰਪ੍ਰਚਾਰ ਦਾ ਜਵਾਬ ਦੇਣ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਫ਼ੈਸਲੇ ਸ਼ਾਮਲ ਸਨ। ਮਤਿਆਂ ਰਾਹੀਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਸਤਿਕਾਰ ਕਰਦੇ ਹੋਏ ਇਕਜੁੱਟ ਰਹਿਣ ਦੀ ਅਪੀਲ ਵੀ ਕੀਤੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ ਅਤੇ ਇਤਿਹਾਸ ਗਵਾਹ ਹੈ ਕਿ ਸਮੇਂ-ਸਮੇਂ ਦੀਆਂ ਹਕੂਮਤਾਂ ਵੱਲੋਂ ਇਸ 'ਤੇ ਹਮਲੇ ਕੀਤੇ ਗਏ, ਪਰ ਖ਼ਾਲਸਾ ਪੰਥ ਨੇ ਹਮੇਸ਼ਾ ਡਟ ਕੇ ਮੁਕਾਬਲਾ ਕੀਤਾ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਸੰਸਥਾਵਾਂ ਵਿਰੁੱਧ ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਕਥਿਤ ਭੰਡੀ ਪ੍ਰਚਾਰ ਨੂੰ 10 ਦਿਨਾਂ ਦੇ ਅੰਦਰ ਰੋਕਿਆ ਜਾਵੇ, ਨਹੀਂ ਤਾਂ ਖ਼ਾਲਸਾ ਪੰਥ ਖੁਦ ਅਗਲਾ ਫ਼ੈਸਲਾ ਲਵੇਗਾ।ਗਿਆਨੀ ਗੜਗੱਜ ਨੇ ਐਲਾਨ ਕੀਤਾ ਕਿ ਮੀਰੀ-ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੱਕ ਖ਼ਾਲਸਾ ਵਹੀਰ ਕੱਢੀ ਜਾਵੇਗੀ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨਾ ਅਤੇ ਧਾਰਮਿਕ ਜਾਗਰੂਕਤਾ ਫੈਲਾਉਣਾ ਹੋਵੇਗਾ। ਉਨ੍ਹਾਂ ਐਸਜੀਪੀਸੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹਰ ਸਾਲ ਵੱਡੇ ਪੱਧਰ 'ਤੇ ਮਨਾਉਣ ਦੀ ਵੀ ਅਪੀਲ ਕੀਤੀ।ਸਮਾਗਮ ਦੌਰਾਨ ਗਿਆਨੀ ਟੇਕ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਸੁਖਦੇਵ ਸਿੰਘ, ਪਰਮਜੀਤ ਸਿੰਘ ਸਰਨਾ, ਹਰਿੰਦਰ ਸਿੰਘ ਲੱਖੇਵਾਲ, ਬਲਬੀਰ ਸਿੰਘ ਰਾਜੇਵਾਲ ਅਤੇ ਹੋਰ ਕਈ ਪੰਥਕ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ। ਸਮਾਗਮ ਦਾ ਸਮਾਪਨ ਅਰਦਾਸ ਨਾਲ ਹੋਇਆ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤੇ ਮਤਿਆਂ ਦਾ ਸਮਰਥਨ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande