ਨਾਭਾ ਨੇੜੇ ਤਸਕਰਾਂ ਦਾ ਪਿੱਛਾ ਕਰਦੇ ਐਸ.ਐਚ.ਓ. ਗੰਭੀਰ ਜ਼ਖ਼ਮੀ
ਪਟਿਆਲਾ, 09 ਜੁਲਾਈ (ਹਿੰ.ਸ.)| ਨਾਭਾ ਨੇੜਲੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਪੁਲਿਸ ਦੀ ਸਰਕਾਰੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਥਾਣਾ ਸਦਰ ਨਾਭਾ ਦੇ ਐੱਸਐੱਚਓ ਜਸਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੂਜੇ ਪਾਸੇ ਕਥਿਤ ਤਸਕ
ਹਾਦਸਾਗ੍ਰਸਤ ਪੁਲਿਸ ਦੀ ਗੱਡੀ ਦੀ ਤਸਵੀਰ।


ਪਟਿਆਲਾ, 09 ਜੁਲਾਈ (ਹਿੰ.ਸ.)| ਨਾਭਾ ਨੇੜਲੇ ਪਿੰਡ ਧੰਗੇੜਾ ਕੋਲ ਦੇਰ ਰਾਤ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਪੁਲਿਸ ਦੀ ਸਰਕਾਰੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਥਾਣਾ ਸਦਰ ਨਾਭਾ ਦੇ ਐੱਸਐੱਚਓ ਜਸਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੂਜੇ ਪਾਸੇ ਕਥਿਤ ਤਸਕਰ ਆਪਣੀ ਗੱਡੀ ਮੌਕੇ ’ਤੇ ਛੱਡ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।ਜਾਣਕਾਰੀ ਮੁਤਾਬਕ, ਥਾਣਾ ਸਦਰ ਨਾਭਾ ਦੇ ਐੱਸਐੱਚਓ ਜਸਪ੍ਰੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਕਥਿਤ ਤਸਕਰ ਕਿਸੇ ਵਾਰਦਾਤ ਜਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਹੋਏ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਉਨ੍ਹਾਂ ਦੀ ਘੇਰਾਬੰਦੀ ਕਰਨ ਦੀ ਕੋਸ਼ਿਸ਼ ਕੀਤੀ।ਪੁਲਿਸ ਨੂੰ ਦੇਖ ਕੇ ਕਥਿਤ ਤਸਕਰਾਂ ਨੇ ਆਪਣੀ ਗੱਡੀ ਤੇਜ਼ੀ ਨਾਲ ਭਜਾ ਲਈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪਿੰਡ ਧੰਗੇੜਾ ਨੇੜੇ ਦੋਵੇਂ ਗੱਡੀਆਂ ਆਪਸ ਵਿੱਚ ਜ਼ੋਰਦਾਰ ਢੰਗ ਨਾਲ ਟਕਰਾ ਗਈਆਂ। ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਦੀ ਸਰਕਾਰੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਐੱਸਐੱਚਓ ਜਸਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਨਾਭਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਫਿਲਹਾਲ ਉਨ੍ਹਾਂ ਦਾ ਇਲਾਜ ਜਾਰੀ ਹੈ।ਉਧਰ, ਹਾਦਸੇ ਦਾ ਫਾਇਦਾ ਚੁੱਕਦਿਆਂ ਕਥਿਤ ਤਸਕਰ ਹਨੇਰੇ ਦਾ ਲਾਭ ਲੈ ਕੇ ਆਪਣੀ ਗੱਡੀ ਮੌਕੇ ’ਤੇ ਛੱਡ ਕੇ ਫਰਾਰ ਹੋ ਗਏ। ਪੁਲਿਸ ਨੇ ਉਨ੍ਹਾਂ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ।ਪੁਲਿਸ ਅਧਿਕਾਰੀਆਂ ਮੁਤਾਬਕ, ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਮਾਲਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ ਹੈ ਅਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੰਭਾਵਿਤ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande