ਸਤਲੁਜ ਦੇ ਧੁੱਸੀ ਬੰਨ੍ਹ ਦੀ ਮੁੜ ਉਸਾਰੀ ਜੰਗੀ ਪੱਧਰ 'ਤੇ ਜਾਰੀ, ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ: ਬਰਿੰਦਰ ਕੁਮਾਰ ਗੋਇਲ
ਲੁਧਿਆਣਾ, 09 ਜੁਲਾਈ (ਹਿੰ.ਸ.)| ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀਰਵਾਰ ਨੂੰ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੀ ਮੁੜ ਉਸਾਰੀ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕ
ਮੰਤਰੀ ਬਰਿੰਦਰ ਕੁਮਾਰ ਗੋਇਲ ਸਸਰਾਲੀ ਕਾਲੋਨੀ ਵਿਖੇ ਸਤਲੁਜ ਦਰਿਆ ਦੇ ਕੰਢੇ ਲਾਈਆਂ ਜਾ ਰਹੀਆਂ ਪੀ.ਪੀ.ਐਮ.ਐਫ. ਜਿਓਟਿਊਬਾਂ ਬਾਰੇ ਜਾਣਕਾਰੀ ਲੈਂਦੇ ਹੋਏ।


ਲੁਧਿਆਣਾ, 09 ਜੁਲਾਈ (ਹਿੰ.ਸ.)|

ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀਰਵਾਰ ਨੂੰ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੀ ਮੁੜ ਉਸਾਰੀ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਸਰਾਲੀ ਕਲੋਨੀ ਵਿਖੇ ਕਰੀਬ 3300 ਫੁੱਟ ਧੁੱਸੀ ਬੰਨ੍ਹ ਰੁੜ੍ਹ ਜਾਣ ਤੋਂ ਬਾਅਦ ਇਸ ਦੀ ਮੁੜ ਉਸਾਰੀ ਦਾ ਕੰਮ 11.75 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਲਗਭਗ 2 ਲੱਖ ਕਿਊਬਿਕ ਮੀਟਰ ਮਿੱਟੀ ਦੀ ਵਰਤੋਂ ਹੋਣੀ ਹੈ, ਜਿਸ ਵਿੱਚੋਂ ਕਰੀਬ 1.50 ਲੱਖ ਕਿਊਬਿਕ ਮੀਟਰ ਕੰਮ ਪਹਿਲਾਂ ਹੀ ਪੂਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦਾ ਕੰਮ ਵੀ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਦਰਿਆ ਦੇ ਕਿਨਾਰੇ ਨੂੰ ਖੁਰਨ ਤੋਂ ਬਚਾਉਣ ਲਈ ਪਹਿਲੀ ਵਾਰ ਪੰਜਾਬ ਵਿੱਚ ਪੀ.ਪੀ.ਐਮ.ਐਫ. (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਕੁੱਲ 450 ਜਿਓਟਿਊਬਾਂ ਵਿੱਚੋਂ 325 ਲਗਾਈਆਂ ਜਾ ਚੁੱਕੀਆਂ ਹਨ। ਇਹ ਆਧੁਨਿਕ ਤਕਨੀਕ ਹੜ੍ਹ ਪ੍ਰਬੰਧਨ ਅਤੇ ਦਰਿਆਈ ਕੰਢਿਆਂ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।

ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਰਿਆਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਹੜ੍ਹਾਂ ਦੇ ਖਤਰੇ ਨੂੰ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ, ਲੋੜ ਪੈਣ 'ਤੇ ਵਾਧੂ ਮਸ਼ੀਨਰੀ ਅਤੇ ਮਨੁੱਖੀ ਬਲ ਤਾਇਨਾਤ ਕਰਨ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਵੱਲੋਂ ਸੰਵੇਦਨਸ਼ੀਲ ਥਾਵਾਂ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande