
ਚੰਡੀਗੜ੍ਹ, 09 ਜੁਲਾਈ (ਹਿੰ.ਸ.)| ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪੰਜਾਬ ਪੁਲਿਸ ਇਨ੍ਹਾਂ ਘਟਨਾਵਾਂ ਬਾਰੇ ਪੂਰੀ ਤਰ੍ਹਾਂ ਬੇਖ਼ਬਰ ਅਤੇ ਬੇਬਸ ਨਜ਼ਰ ਆ ਰਹੇ ਹਨ।
ਇਸਦੇ ਨਾਲ ਹੀ, ਵੜਿੰਗ ਨੇ ਅਮਰੀਕਾ ਵਿੱਚ ਬੈਠ ਕੇ ਭਾਰਤ ਨੂੰ ਨਿਸ਼ਾਨਾ ਬਣਾਉਣ ਵਾਲੇ ਗੈਂਗਸਟਰਾਂ ਖ਼ਿਲਾਫ਼ ਐੱਫਬੀਆਈ ਵੱਲੋਂ ਕੀਤੀ ਗਈ ਕਾਰਵਾਈ ਦਾ ਵੀ ਸਵਾਗਤ ਕੀਤਾ ਹੈ। ਉਨ੍ਹਾਂ ਨੇ ਖ਼ਾਸ ਤੌਰ 'ਤੇ ਪੰਜਾਬ ਪੁਲਿਸ ਦੇ ਉਸ ਮੁਲਾਜ਼ਮ ਦੀ ਪਛਾਣ ਹੋਣ ਨੂੰ ਮਹੱਤਵਪੂਰਨ ਦੱਸਿਆ ਹੈ, ਜਿਸ 'ਤੇ 4 ਲੱਖ ਅਮਰੀਕੀ ਡਾਲਰ ਦੀ ਵਸੂਲੀ ਕਰਨ ਅਤੇ ਲੋਕਾਂ ਨੂੰ ਧਮਕਾਉਣ ਦੇ ਦੋਸ਼ ਲੱਗੇ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੋਗਾ ਦੇ ਇੱਕ ਪੁਲਿਸ ਥਾਣੇ 'ਤੇ ਹੋਏ ਬੰਬ ਹਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਧਮਾਕਿਆਂ ਨੂੰ ਇਸ ਤਰ੍ਹਾਂ ਲੈ ਰਹੀ ਹੈ, ਜਿਵੇਂ ਇਹ ਕੋਈ ਆਮ ਗੱਲ ਹੋਵੇ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕਰੀਬ ਇੱਕ ਮਹੀਨਾ ਪਹਿਲਾਂ ਹੋਏ ਧਮਾਕਿਆਂ ਦਾ ਵੀ ਹਵਾਲਾ ਦਿੱਤਾ।
ਉਨ੍ਹਾਂ ਨੇ ਵਾਰ-ਵਾਰ ਹੋ ਰਹੇ ਬੰਬ ਧਮਾਕਿਆਂ ਨੂੰ ਰੋਕਣ ਵਿੱਚ ਪੰਜਾਬ ਪੁਲਿਸ ਦੀ ਨਾਕਾਮੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਰਹੇ ਹਨ, ਜਿਨ੍ਹਾਂ ਨੂੰ ਬਗੈਰ ਕਿਸੇ ਕਾਨੂੰਨ ਦੇ ਡਰ ਤੋਂ ਵਾਰ-ਵਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਤਾਂ ਫਿਰ ਆਮ ਲੋਕਾਂ ਦੀ ਹਾਲਤ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।
ਉੱਥੇ ਹੀ, ਅਮਰੀਕਾ ਵਿੱਚ ਸਰਗਰਮ ਗੈਂਗਸਟਰ ਨੈੱਟਵਰਕ ਖ਼ਿਲਾਫ਼ ਐੱਫਬੀਆਈ ਦੀ ਕਾਰਵਾਈ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਇਹ ਸਵਾਗਤਯੋਗ ਕਦਮ ਹੈ, ਜਿਸ ਨਾਲ ਗੈਂਗਸਟਰਾਂ ਨੂੰ ਹੁਣ ਕਿਤੇ ਵੀ ਸੁਰੱਖਿਅਤ ਪਨਾਹ ਨਹੀਂ ਮਿਲੇਗੀ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਪੰਜਾਬ ਪੁਲਿਸ ਨੂੰ ਵੀ ਐੱਫਬੀਆਈ ਤੋਂ ਸਬਕ ਲੈਂਦਿਆਂ ਪੰਜਾਬ ਵਿੱਚ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਜਦਕਿ ਇੱਕ ਪੁਲਿਸ ਇੰਸਪੈਕਟਰ ਵੱਲੋਂ ਕਥਿਤ ਤੌਰ 'ਤੇ ਕੁਝ ਲੋਕਾਂ ਤੋਂ 4 ਲੱਖ ਅਮਰੀਕੀ ਡਾਲਰ ਦੀ ਵਸੂਲੀ ਕਰਨ ਸਬੰਧੀ ਪੁੱਛੇ ਸਵਾਲ 'ਤੇ, ਵੜਿੰਗ ਨੇ ਕਿਹਾ ਕਿ ਕਾਂਗਰਸ ਲਗਾਤਾਰ ਇਹ ਕਹਿੰਦੀ ਰਹੀ ਹੈ ਕਿ ਗੈਂਗਸਟਰਾਂ ਨੂੰ ਪੁਲਿਸ ਦੀ ਸਰਪ੍ਰਸਤੀ ਅਤੇ ਮਦਦ ਮਿਲ ਰਹੀ ਹੈ ਤੇ ਇਹ ਮਾਮਲਾ ਉਸੇ ਦਾ ਸਬੂਤ ਹੈ।
ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖਿਆ ਹੈ ਅਤੇ ਇਸ ਗੰਭੀਰ ਮਾਮਲੇ ਵੱਲ ਉਨ੍ਹਾਂ ਦਾ ਧਿਆਨ ਖਿੱਚਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH