
ਅੰਮ੍ਰਿਤਸਰ, 01 ਅਗਸਤ (ਹਿੰ.ਸ.)| ਆਉਣ ਵਾਲੇ ਡੇਂਗੂ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਸ਼ਰਮਾ ਨੇ ਕੀਤੀ। ਇਸ ਮੌਕੇ ਡੇਂਗੂ ਸਬੰਧੀ ਜਾਗਰੂਕਤਾ ਬੈਨਰ ਵੀ ਜਾਰੀ ਕੀਤਾ ਗਿਆ।ਮੀਟਿੰਗ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ, ਲੋਕਲ ਬਾਡੀਜ਼, ਪੰਜਾਬ ਰੋਡਵੇਜ਼, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ, ਆਈ.ਐਮ.ਏ., ਮੱਛੀ ਪਾਲਣ, ਫੂਡ ਸਪਲਾਈ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਪੰਜਾਬ ਮੰਡੀ ਬੋਰਡ, ਸਮਾਜਿਕ ਸੁਰੱਖਿਆ ਤੇ ਇਸਤਰੀ ਵਿਕਾਸ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।ਵਧੀਕ ਡਿਪਟੀ ਕਮਿਸ਼ਨਰ ਪੱਲਵੀ ਸ਼ਰਮਾ ਨੇ ਸਾਰੇ ਵਿਭਾਗਾਂ ਨੂੰ ਡੇਂਗੂ ਸੀਜ਼ਨ ਦੇ ਮੱਦੇਨਜ਼ਰ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰਨ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਹੌਟਸਪੌਟ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਮਹੱਤਵਪੂਰਨ ਕਦਮ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ 'ਤੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ।ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਡੇਂਗੂ ਸਬੰਧੀ ਸਰਕਾਰੀ ਗਾਈਡਲਾਈਨਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਵੱਖ-ਵੱਖ ਵਿਭਾਗਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਇਸ ਮੌਕੇ ਸਮੂਹ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਐਸ.ਆਈ. ਸੁਖਦੇਵ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH