
ਸ੍ਰੀ ਮੁਕਤਸਰ ਸਾਹਿਬ, 01 ਅਗਸਤ (ਹਿੰ.ਸ.)|
ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਪੁਲਿਸ ਨੇ ਪਿੰਡ ਮਿੱਡੂਖੇੜਾ ਵਿੱਚ ਨੌਜਵਾਨ ਸੰਦੀਪ ਸਿੰਘ ਉਰਫ਼ ਬਬਲੂ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਕਿਲਿਆਂਵਾਲੀ ਥਾਣਾ ਪੁਲਿਸ ਵੱਲੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਈ ਕੁੱਟਮਾਰ ਵਿੱਚ ਜ਼ਖ਼ਮੀ ਹੋਏ ਸੰਦੀਪ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ।
ਪੁਲਿਸ ਅਧਿਕਾਰੀ (ਐਸਪੀ ਡੀ) ਮਨਜੀਤ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 26 ਜੁਲਾਈ 2026 ਨੂੰ ਪਿੰਡ ਮਿੱਡੂਖੇੜਾ ਵਿੱਚ ਸੰਦੀਪ ਸਿੰਘ ਉਰਫ਼ ਬਬਲੂ ਨਾਲ ਕੁੱਟਮਾਰ ਕੀਤੀ ਗਈ ਸੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਪਹਿਲਾਂ ਬਠਿੰਡਾ ਅਤੇ ਬਾਅਦ ਵਿੱਚ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਕਿਲਿਆਂਵਾਲੀ ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ।
ਜਾਂਚ ਦੌਰਾਨ ਪੁਲਿਸ ਨੇ ਜਗਦੀਸ਼, ਸਤਪਾਲ, ਅਜੈ ਕੁਮਾਰ ਅਤੇ ਇੰਦਰਜੀਤ ਉਰਫ਼ ਛੱਗਾ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮ ਪਿੰਡ ਮਿੱਡੂਖੇੜਾ ਦੇ ਰਹਿਣ ਵਾਲੇ ਹਨ, ਜਦਕਿ ਇੱਕ ਮੁਲਜ਼ਮ ਸਿਰਸਾ ਜ਼ਿਲ੍ਹੇ ਨਾਲ ਸਬੰਧਤ ਹੈ।
ਐਸਪੀ ਡੀ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ 13 ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਜਾਂਚ ਅਨੁਸਾਰ ਜਗਦੀਸ਼ ਅਤੇ ਸਤਪਾਲ ਦੀ ਮ੍ਰਿਤਕ ਸੰਦੀਪ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪਹਿਲਾਂ ਸੰਦੀਪ ਦੇ ਸਾਥੀਆਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਦਾ ਬਦਲਾ ਲੈਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦਾ ਹੁਣ ਤੱਕ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ। ਘਟਨਾ ਵਿੱਚ ਵਰਤੇ ਗਏ ਹਥਿਆਰਾਂ ਸਬੰਧੀ ਜਾਂਚ ਜਾਰੀ ਹੈ ਅਤੇ ਅਜੇ ਤੱਕ ਕੋਈ ਤੇਜ਼ਧਾਰ ਹਥਿਆਰ, ਲੋਹੇ ਦੀ ਰਾਡ ਜਾਂ ਡੰਡਾ ਬਰਾਮਦ ਨਹੀਂ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH