
ਜੈਤੋ, 01 ਅਗਸਤ (ਹਿੰ.ਸ.)| ਮੀਰੀ ਪੀਰੀ ਖਾਲਸਾ ਮਾਰਚ ਦੇ ਨੌਵੇਂ ਦਿਨ ਗੁਰਦੁਆਰਾ ਗੰਗਸਰ ਸਾਹਿਬ ਜੈਤੋ (ਫਰੀਦਕੋਟ) ਤੋਂ ਅਗਲੇ ਪੜਾਅ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਕਾਨੂੰਨ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਸੋਧਾਂ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ, ਸਗੋਂ ਸਥਾਈ ਅਤੇ ਪ੍ਰਭਾਵਸ਼ਾਲੀ ਹੱਲ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਸੋਧਾਂ ਨਾਲ ਇੱਕ ਮਜ਼ਬੂਤ ਅਤੇ ਸਰਬਪੱਖੀ ਸਤਿਕਾਰ ਐਕਟ ਤਿਆਰ ਹੋ ਸਕਦਾ ਹੈ, ਜਿਸ ਨਾਲ ਸਮਾਜ ਵਿੱਚ ਭਰੋਸੇ ਅਤੇ ਸਦਭਾਵਨਾ ਦਾ ਮਾਹੌਲ ਮਜ਼ਬੂਤ ਹੋਵੇਗਾ।
ਜਥੇਦਾਰ ਗੜਗੱਜ ਨੇ ਮੀਰੀ-ਪੀਰੀ ਦੇ ਸਿਧਾਂਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖਸ਼ਿਆ ਗਿਆ ਇਹ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਧਾਰਮਿਕ ਅਤੇ ਰਾਜਨੀਤਿਕ ਤੌਰ 'ਤੇ ਮਜ਼ਬੂਤ ਹੋਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖ ਬਾਣੀ, ਗੁਰਮਤਿ ਸਿਧਾਂਤਾਂ ਅਤੇ ਪੰਥਕ ਏਕਤਾ ਤੋਂ ਦੂਰ ਹੋਏ, ਉਸ ਸਮੇਂ ਵਿਰੋਧੀ ਤਾਕਤਾਂ ਨੇ ਸਿੱਖ ਸੰਸਥਾਵਾਂ 'ਤੇ ਹਮਲੇ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸੰਗਤਾਂ ਨੂੰ ਪੰਥਕ ਏਕਤਾ ਬਣਾਈ ਰੱਖਣ ਦਾ ਸੱਦਾ ਦਿੱਤਾ।
ਮੀਰੀ ਪੀਰੀ ਖਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ, ਜਦਕਿ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਮਾਰਚ ਦੇ ਉਦੇਸ਼ ਅਤੇ ਸਿੱਖ ਸਿਧਾਂਤਾਂ ਬਾਰੇ ਵਿਚਾਰ ਸਾਂਝੇ ਕੀਤੇ।
ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਗਿਆਨੀ ਕੇਵਲ ਸਿੰਘ ਨੇ ਪਾਲਕੀ ਸਾਹਿਬ ਦੀ ਸੇਵਾ ਨਿਭਾਈ, ਜਦਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਰ ਸਾਹਿਬ ਦੀ ਸੇਵਾ ਕੀਤੀ।
ਮੀਰੀ ਪੀਰੀ ਖਾਲਸਾ ਮਾਰਚ ਦਾ ਵੱਖ-ਵੱਖ ਪਿੰਡਾਂ ਵਿੱਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਡੇਲਿਆਂਵਾਲੀ, ਰੋੜੀ ਕਪੂਰਾ, ਰਾਮੇਆਣਾ, ਮੱਲਣ, ਗੂੜੀ ਸੰਘਰ, ਕਾਉਣੀ, ਦੋਦਾ, ਭੁੱਲਰ, ਬਰਕੰਦੀ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਪ੍ਰਗਟਾਈ। ਖਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਨਾਲ ਸਜਾਈਆਂ ਗੱਡੀਆਂ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਨੌਜਵਾਨਾਂ ਨੇ ਪੀਲੀਆਂ ਦਸਤਾਰਾਂ ਸਜਾ ਕੇ ਅਤੇ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਖਾਲਸਾ ਮਾਰਚ ਦਾ ਰਾਤ ਦਾ ਪੜਾਅ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ, ਜਿੱਥੋਂ ਇਹ ਅਗਲੇ ਪੜਾਅ ਲਈ ਰਵਾਨਾ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH