
ਘਨੌਰ, 11 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ 30 ਅਗਸਤ ਨੂੰ ਘਨੌਰ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਐੱਸਜੀਪੀਸੀ ਮੈਂਬਰ ਜਸਮੇਰ ਸਿੰਘ ਲੱਛੜੂ ਵੀ ਮੌਜੂਦ ਰਹੇ।
ਮੀਟਿੰਗ ਦੌਰਾਨ ਝਿੰਜਰ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਵੀ ਘਨੌਰ ਹਲਕੇ ਵਿੱਚ ਪਹੁੰਚਣਗੇ।
ਝਿੰਜਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਆਪਣੇ ਹੱਕਾਂ ਅਤੇ ਲੰਬਿਤ ਡੀਏ ਦੀ ਅਦਾਇਗੀ ਦੀ ਮੰਗ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਲਾਠੀਚਾਰਜ ਅਤੇ ਕਥਿਤ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਝਿੰਜਰ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਸੂਬੇ ਵਿੱਚ ਨਸ਼ਿਆਂ ਕਾਰਨ ਮੌਤਾਂ ਦੀਆਂ ਘਟਨਾਵਾਂ ਜਾਰੀ ਹਨ।
ਅਕਾਲੀ ਆਗੂ ਨੇ ਪੰਜਾਬ ਦੇ ਵਧ ਰਹੇ ਕਰਜ਼ੇ, ਬਿਜਲੀ ਦੀ ਕਮੀ, ਵਿਗੜਦੀ ਕਾਨੂੰਨ ਵਿਵਸਥਾ ਅਤੇ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਮੁੱਦੇ ਵੀ ਉਠਾਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਨੌਜਵਾਨਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਘਟਿਆ ਹੈ।
ਝਿੰਜਰ ਨੇ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਮੰਚ ਸਾਬਤ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਘਨੌਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਪਿੰਡ ਪੱਧਰੀ ਮੀਟਿੰਗਾਂ ਕਰਕੇ ਵਰਕਰਾਂ ਅਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ, ਤਾਂ ਜੋ 30 ਅਗਸਤ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH