
ਫਗਵਾੜਾ, 11 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ 12 ਅਗਸਤ ਨੂੰ ਫਗਵਾੜਾ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਬੱਸਾਂ ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਦੇ ਪਵਿੱਤਰ ਧਾਰਮਿਕ ਅਸਥਾਨਾਂ ਲਈ ਰਵਾਨਾ ਹੋਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਸ਼ਰਧਾਲੂਆਂ ਨੂੰ ਮਥੁਰਾ-ਵ੍ਰਿੰਦਾਵਨ, ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼, ਸਾਲਾਸਰ ਬਾਲਾਜੀ ਸਮੇਤ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਸਮੇਤ ਕਈ ਧਾਰਮਿਕ ਅਤੇ ਵਿਰਾਸਤੀ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਸੀ।ਡਾ. ਚੱਬੇਵਾਲ ਨੇ ਦੱਸਿਆ ਕਿ 1 ਜੁਲਾਈ ਤੱਕ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ 6,445 ਤੀਰਥ ਯਾਤਰਾਵਾਂ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਸੂਬੇ ਭਰ ਦੇ 2,61,478 ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਪ੍ਰੋਗਰਾਮ ਦਾ ਵਿਸਥਾਰ ਕਰਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ ’ਤੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਲਈ ਲਾਹੇਵੰਦ ਹੈ, ਜੋ ਆਰਥਿਕ ਕਾਰਨਾਂ ਕਰਕੇ ਆਪਣੀ ਧਾਰਮਿਕ ਯਾਤਰਾ ਦੀ ਇੱਛਾ ਪੂਰੀ ਨਹੀਂ ਕਰ ਸਕਦੇ ਸਨ।ਡਾ. ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਨਾਲ ਸਬੰਧਤ ਆਵਾਜਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦਾ ਖਰਚਾ ਖੁਦ ਚੁੱਕਿਆ ਜਾਂਦਾ ਹੈ। ਇਸ ਕਾਰਨ ਯੋਗ ਸ਼ਰਧਾਲੂ ਬਿਨਾਂ ਕਿਸੇ ਵਿੱਤੀ ਬੋਝ ਦੇ ਪਵਿੱਤਰ ਧਾਮਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 12 ਅਗਸਤ ਨੂੰ ਫਗਵਾੜਾ ਤੋਂ ਰਵਾਨਾ ਹੋਣ ਵਾਲੀਆਂ ਦੋਵੇਂ ਬੱਸਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਅਤੇ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਨਗੀਆਂ।
ਹਿੰਦੂਸਥਾਨ ਸਮਾਚਾਰ / GURSHARAN SINGH