ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਵਿਰਾਸਤ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ: ਤਰਨਜੀਤ ਸਿੰਘ ਸੰਧੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਸਮਰਪਿਤ ਵਿਸ਼ੇਸ਼ ਨਾਟਕ ਦਾ ਮੰਚਨਅੰਮ੍ਰਿਤਸਰ , 11 ਅਗਸਤ (ਹਿੰ.ਸ.)| ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਦੀ ਬਰਾਬਰੀ, ਸਿੱਖਿਆ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਸੋਚ
ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।


ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਸਮਰਪਿਤ ਵਿਸ਼ੇਸ਼ ਨਾਟਕ ਦਾ ਮੰਚਨਅੰਮ੍ਰਿਤਸਰ , 11 ਅਗਸਤ (ਹਿੰ.ਸ.)| ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਦੀ ਬਰਾਬਰੀ, ਸਿੱਖਿਆ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਸੋਚ ਅੱਜ ਵੀ ਓਨੀ ਹੀ ਪ੍ਰਸੰਗਿਕ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਸਮਰਪਿਤ ਕਰਵਾਏ ਗਏ ਨਾਟਕ ਦੌਰਾਨ ਸੰਬੋਧਨ ਕਰਦਿਆਂ ਸੰਧੂ ਨੇ ਕਿਹਾ ਕਿ ਆਪਣਾ ਇਤਿਹਾਸ ਜਾਣਨਾ ਇਸ ਲਈ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਅਜਿਹੇ ਮੁੱਲ ਅਤੇ ਵਿਚਾਰ ਮੌਜੂਦ ਹਨ, ਜੋ ਅੱਜ ਦੇ ਸਮਾਜ ਲਈ ਵੀ ਰਾਹ ਦਸੇਰੇ ਹਨ।ਸਮਾਗਮ ਦੀ ਸ਼ੁਰੂਆਤ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਮੁੱਖ ਮਹਿਮਾਨ ਤਰਨਜੀਤ ਸਿੰਘ ਸੰਧੂ ਅਤੇ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਯਾਦ ਕਰਦਿਆਂ ਅਜਿਹੇ ਇਤਿਹਾਸਕ ਵਿਸ਼ਿਆਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਹੱਤਤਾ ਉਜਾਗਰ ਕੀਤੀ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਐਚ. ਐਸ. ਸੈਣੀ, ਰਜਿਸਟਰਾਰ ਕੇ. ਐਸ. ਚਾਹਲ, ਅਮਨਦੀਪ ਹਸਪਤਾਲ ਤੋਂ ਡਾ. ਅਵਤਾਰ ਸਿੰਘ ਅਤੇ ਨਾਟਕਕਾਰ ਕੇਵਲ ਧਾਲੀਵਾਲ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।ਇਸ ਮੌਕੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਉਸ ਦੌਰ ਦੀਆਂ ਇਤਿਹਾਸਕ ਘਟਨਾਵਾਂ ਨਾਲ ਸਬੰਧਤ ਦੁਰਲੱਭ ਅਤੇ ਯਾਦਗਾਰੀ ਤਸਵੀਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰਦਰਸ਼ਨੀ ਵਿੱਚ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕਈ ਇਤਿਹਾਸਕ ਤਸਵੀਰਾਂ ਅਤੇ ਮਹੱਤਵਪੂਰਨ ਘਟਨਾਵਾਂ ਦੀਆਂ ਝਲਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ, ਵਿਦਿਆਰਥੀਆਂ ਅਤੇ ਦਰਸ਼ਕਾਂ ਦਾ ਵਿਸ਼ੇਸ਼ ਧਿਆਨ ਖਿੱਚਿਆ।ਇਸ ਤੋਂ ਬਾਅਦ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ’ਤੇ ਆਧਾਰਿਤ ਨਾਟਕ ਪੇਸ਼ ਕੀਤਾ ਗਿਆ, ਜਿਸ ਦੀ ਨਿਰਦੇਸ਼ਨਾ ਪ੍ਰਸਿੱਧ ਰੰਗਕਰਮੀ ਕੇਵਲ ਧਾਲੀਵਾਲ ਨੇ ਕੀਤੀ। ਨਾਟਕ ਰਾਹੀਂ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਜੀਵਨ, ਉਨ੍ਹਾਂ ਦੀ ਸੋਚ, ਸੰਘਰਸ਼ ਅਤੇ ਸਮਾਜ ਪ੍ਰਤੀ ਯੋਗਦਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।ਨਾਟਕ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਸੰਧੂ ਨੇ ਨਿਰਦੇਸ਼ਕ ਕੇਵਲ ਧਾਲੀਵਾਲ ਅਤੇ ਸਮੁੱਚੀ ਨਾਟਕ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੰਗਮੰਚ ਇਤਿਹਾਸ ਨੂੰ ਸਿਰਫ਼ ਪੜ੍ਹਨ ਦੀ ਬਜਾਏ ਉਸ ਨੂੰ ਮਹਿਸੂਸ ਕਰਨ ਅਤੇ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਸ਼ਕਤੀਸ਼ਾਲੀ ਮਾਧਿਅਮ ਹੈ। ਸੰਧੂ ਨੇ ਕਿਹਾ ਕਿ 1920 ਤੋਂ 1926 ਤੱਕ ਦਾ ਸਮਾਂ ਪੰਜਾਬ ਅਤੇ ਸਿੱਖ ਲੀਡਰਸ਼ਿਪ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਸੀ। ਇਸ ਦੌਰਾਨ ਪੰਜਾਬ ਨੇ ਕੌਮੀ ਆਜ਼ਾਦੀ ਦੀ ਲਹਿਰ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਅਹਿੰਸਕ ਸੰਘਰਸ਼, ਬਰਾਬਰੀ ਅਤੇ ਸਮਾਜਿਕ ਸੁਧਾਰ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ।ਉਨ੍ਹਾਂ ਨੌਜਵਾਨਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਪੰਜਾਬ ਦੇ ਇਤਿਹਾਸ ਅਤੇ ਮਹਾਨ ਸ਼ਖ਼ਸੀਅਤਾਂ ਦੇ ਯੋਗਦਾਨ ਬਾਰੇ ਜ਼ਰੂਰ ਗੱਲ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਉਸ ਸਮੇਂ ਵੀ ਸਮਾਜਿਕ ਤਬਦੀਲੀ ਦਾ ਮਹੱਤਵਪੂਰਨ ਸਾਧਨ ਸੀ ਅਤੇ ਅੱਜ ਵੀ ਸਿੱਖਿਆ ਹੀ ਨੌਜਵਾਨਾਂ ਦੇ ਸਸ਼ਕਤੀਕਰਨ ਦਾ ਸਭ ਤੋਂ ਵੱਡਾ ਸਰੋਤ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਨੂੰ “ਇੰਪੈਕਟਫੁਲ ਲਾਈਫ” ਬਣਾਉਣ ਅਤੇ ਸਮਾਜ ਲਈ ਕੁਝ ਨਾ ਕੁਝ ਸਾਰਥਕ ਯੋਗਦਾਨ ਪਾਉਣ ਦਾ ਸੱਦਾ ਦਿੱਤਾ। “ਪਾਵਰ ਆਫ਼ ਵਨ” ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਵਿੱਚ ਸਮਾਜ ਵਿੱਚ ਬਦਲਾਅ ਲਿਆਉਣ ਦੀ ਸਮਰੱਥਾ ਹੈ। ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਵਰਗੇ ਉੱਭਰ ਰਹੇ ਖੇਤਰਾਂ ਨਾਲ ਜੋੜਨ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਸਫ਼ਲ ਵਿਅਕਤੀਆਂ, ਅਧਿਆਪਕਾਂ ਅਤੇ ਤਜਰਬੇਕਾਰ ਲੋਕਾਂ ਨੂੰ ਆਪਣਾ ਗਿਆਨ ਅਤੇ ਤਜਰਬਾ ਨੌਜਵਾਨ ਪੀੜ੍ਹੀ ਨਾਲ ਸਾਂਝਾ ਕਰਨ ਦੀ ਅਪੀਲ ਕੀਤੀ।ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਤਰਨਜੀਤ ਸਿੰਘ ਸੰਧੂ ਤੋਂ ਇਲਾਵਾ ਨਾਟਕ ਵਿੱਚ ਵੱਖ-ਵੱਖ ਭੂਮਿਕਾਵਾਂ ਨਿਭਾਉਣ ਵਾਲੇ ਕਲਾਕਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਨਾਟਕ ਦੇ ਨਿਰਦੇਸ਼ਕ ਕੇਵਲ ਧਾਲੀਵਾਲ ਨੂੰ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande