
ਚੰਡੀਗੜ੍ਹ, 13 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਸਰਕਾਰ ਵੱਲੋਂ ਲਏ ਗਏ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਸਾਹਮਣੇ ਰੱਖੇ ਗਏ ਕੁੱਲ 12 ਏਜੰਡਿਆਂ ਨੂੰ ਸਰਵਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 27 ਅਗਸਤ ਤੋਂ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਜਨਹਿਤ ਦੇ ਫੈਸਲਿਆਂ ਅਤੇ ਵਿਕਾਸ ਕਾਰਜਾਂ ਰਾਹੀਂ ਸੂਬੇ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਣਾਲੀ ਰਾਹੀਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ ਅਤੇ ਕਰਮਚਾਰੀਆਂ ਦੀ ਨੌਕਰੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਜੌਬ ਸਕਿਉਰਟੀ ਮੇਰੀ ਗਰੰਟੀ ਹੈ।”ਨਾਇਬ ਸੈਣੀ ਨੇ ਕਿਹਾ ਕਿ ਕੋਚਿੰਗ ਸੈਂਟਰਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਦੀ ਸਰਵਉੱਚ ਤਰਜੀਹ ਹੈ। ਨਵੀਂ ਨੀਤੀ ਤਹਿਤ ਕੋਚਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਵੇਗੀ। ਸੰਸਥਾਵਾਂ ਵਿੱਚ ਪੀਣ ਵਾਲੇ ਪਾਣੀ, ਅੱਗ ਤੋਂ ਸੁਰੱਖਿਆ, ਬੈਠਣ ਦੀ ਉਚਿਤ ਵਿਵਸਥਾ ਅਤੇ ਹੋਰ ਜ਼ਰੂਰੀ ਸੁਰੱਖਿਆ ਮਾਪਦੰਡ ਲਾਗੂ ਕਰਨੇ ਹੋਣਗੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੰਸਥਾਨਾਂ ਖ਼ਿਲਾਫ਼ ਕਾਰਵਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਮਹਾਰਾਸ਼ਟਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਵੀ ਤਰ੍ਹਾਂ ਸਵੀਕਾਰਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਗੁਰੂਘਰ ਵਿੱਚ ਹਿੰਸਕ ਘਟਨਾ ਵਾਪਰਨਾ ਹੋਰ ਵੀ ਮੰਦਭਾਗਾ ਹੈ। ਗੁਰੂਘਰ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਲਈ ਖੁੱਲ੍ਹੇ ਹੁੰਦੇ ਹਨ ਅਤੇ ਇਨ੍ਹਾਂ ਪਵਿੱਤਰ ਸਥਾਨਾਂ ਦੀ ਸ਼ਾਂਤੀ ਅਤੇ ਮਰਿਆਦਾ ਕਾਇਮ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।ਕਾਂਗਰਸ ਦੇ ਪ੍ਰਦਰਸ਼ਨਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧ ਕਰਨ ਦਾ ਅਧਿਕਾਰ ਹੈ, ਪਰ ਵਿਰੋਧੀ ਧਿਰ ਨੂੰ ਆਪਣੇ ਪਿਛਲੇ ਸ਼ਾਸਨ ਦਾ ਵੀ ਮੁਲਾਂਕਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਰਮਚਾਰੀਆਂ ਦੇ ਹਿੱਤ ਵਿੱਚ ਕਈ ਕਦਮ ਚੁੱਕੇ ਹਨ। ਲਗਭਗ 1.20 ਲੱਖ ਮੁਲਾਜ਼ਮਾਂ ਨੂੰ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਰਾਹੀਂ ਨੌਕਰੀ ਦੀ ਸੁਰੱਖਿਆ ਦਿੱਤੀ ਗਈ ਹੈ।ਸੈਣੀ ਨੇ ਕਿਹਾ ਕਿ ਸਰਕਾਰ ਪਾਰਦਰਸ਼ੀ ਪ੍ਰਣਾਲੀ ਰਾਹੀਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ, ਹੁਨਰ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਦੇਣ ਦੇ ਨਾਲ ਉਦਯੋਗਾਂ ਦੇ ਵਿਸਥਾਰ ਰਾਹੀਂ ਨਵੇਂ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾ ਰਹੇ ਹਨ।ਗੁਰੂਗ੍ਰਾਮ ਵਿੱਚ ਜਲ-ਭਰਾਅ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਭਾਰੀ ਬਾਰਿਸ਼ ਹੋਈ ਹੈ, ਪਰ ਪ੍ਰਸ਼ਾਸਨ ਨੇ ਪਹਿਲਾਂ ਹੀ ਤਿਆਰੀਆਂ ਕੀਤੀਆਂ ਸਨ। ਪਾਣੀ ਦੀ ਨਿਕਾਸੀ ਲਈ ਤੁਰੰਤ ਕਦਮ ਚੁੱਕੇ ਗਏ ਹਨ ਅਤੇ ਕਈ ਇਲਾਕਿਆਂ ਵਿੱਚ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਈ ਹੈ।ਕਾਨੂੰਨ-ਵਿਵਸਥਾ ਬਾਰੇ ਉਨ੍ਹਾਂ ਕਿਹਾ ਕਿ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਤੇ ਪ੍ਰਸ਼ਾਸਨ ਨੂੰ ਹਰੇਕ ਸ਼ਿਕਾਇਤ ’ਤੇ ਕਾਰਵਾਈ ਕਰਨ ਅਤੇ ਲੋੜਵੰਦ ਲੋਕਾਂ ਦੀ ਐਫ.ਆਈ.ਆਰ. ਦਰਜ ਕਰਨ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH