
ਸੰਗਰੂਰ, 16 ਅਗਸਤ (ਹਿੰ.ਸ.)| ਪਿੰਡ ਝਨੇੜੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਆਗੂ ਹਰਦੀਪ ਸਿੰਘ ਫੌਜੀ ਨੇ ਆਪਣੇ ਸਾਥੀਆਂ ਅਤੇ ਸਮੂਹ ਪਰਿਵਾਰਾਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਰਦੀਪ ਸਿੰਘ ਫੌਜੀ ਅਤੇ ਉਨ੍ਹਾਂ ਦੇ ਸਾਥੀਆਂ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਸ਼ਾਸਨ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ।
ਭਰਾਜ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਾਟੋ-ਕਲੇਸ਼ ਅਤੇ ਧੜੇਬੰਦੀ ਕਾਰਨ ਕਈ ਆਗੂ ਤੇ ਵਰਕਰ ਨਿਰਾਸ਼ ਹਨ, ਜਦਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਕੰਮ ਕਰ ਰਹੀ ਹੈ।
ਵਿਧਾਇਕ ਨੇ ਦੱਸਿਆ ਕਿ ਹਰਦੀਪ ਸਿੰਘ ਫੌਜੀ ਦਾ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਤਜਰਬਾ ਹੈ ਅਤੇ ਉਹ ਇਸ ਵਾਰ ਕਾਂਗਰਸ ਵੱਲੋਂ ਬਲਾਕ ਸੰਮਤੀ ਦੀ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਫੈਸਲਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਇਸ ਮੌਕੇ ਹਰਦੀਪ ਸਿੰਘ ਫੌਜੀ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਜਗਸੀਰ ਸਿੰਘ ਝਨੇੜੀ, ਲਖਵਿੰਦਰ ਸਿੰਘ ਫੱਗੂਵਾਲ, ਜਗਜੀਤ ਸਿੰਘ, ਵਿੱਕੀ ਸਮੇਤ ਹੋਰ ਪਾਰਟੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH