
ਫਰੀਦਕੋਟ, 17 ਅਗਸਤ (ਹਿੰ.ਸ.)| ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕਥਿਤ ਤਿਆਰੀ ਕਰ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਵਾਸੀ ਸ਼ੰਕਰ, ਹਰਜਿੰਦਰ ਸਿੰਘ ਉਰਫ਼ ਜਿੰਦਰ, ਜੋਰਾ ਸਿੰਘ, ਸੰਦੀਪ ਸਿੰਘ ਉਰਫ਼ ਸ਼ੈਂਕੀ ਅਤੇ ਰਵਿੰਦਰ ਸਿੰਘ ਉਰਫ਼ ਕਾਲੂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਏਐੱਸਆਈ ਸਤੀਸ਼ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਕੁਝ ਵਿਅਕਤੀ ਨਵੀਂ ਦਾਣਾ ਮੰਡੀ ਵਿੱਚ ਇੱਕ ਸੁੰਨਸਾਨ ਜਗ੍ਹਾ ’ਤੇ ਬੈਠੇ ਹਨ ਅਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕੀਤੀ ਅਤੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕਾਪਾ, ਖੰਡਾ, ਕਿਰਪਾਨ, ਟੋਕਾ ਅਤੇ ਲੋਹੇ ਦੀ ਪਾਈਪ ਸਮੇਤ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀਐੱਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਤਿੰਨ ਖ਼ਿਲਾਫ਼ ਪਹਿਲਾਂ ਹੀ ਕੁੱਲ ਅੱਠ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁਲਜ਼ਮ ਪਹਿਲਾਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਹੁਣ ਉਹ ਕਿਸ ਵਾਰਦਾਤ ਦੀ ਯੋਜਨਾ ਬਣਾ ਰਹੇ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH