
ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ
ਚੰਡੀਗੜ੍ਹ, 18 ਅਗਸਤ (ਹਿੰ.ਸ.)| ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਫਰਦ ਕੇਂਦਰ ਆਪਰੇਟਰਾਂ ਨੇ 19 ਅਗਸਤ ਨੂੰ ਸੂਬੇ ਭਰ ਦੇ ਫਰਦ ਕੇਂਦਰ ਮੁਕੰਮਲ ਤੌਰ ’ਤੇ ਬੰਦ ਕਰਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਆਪਰੇਟਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਆਪਰੇਟਰਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਕਾਮਿਆਂ ਨਾਲ ਵੱਡੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਨਿਰਧਾਰਤ ਡੀ.ਸੀ. ਦਰਾਂ ’ਤੇ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਲ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਹਾਲਾਂਕਿ, ਹਰ ਵਾਰ ਭਰੋਸਿਆਂ ਤੋਂ ਇਲਾਵਾ ਉਨ੍ਹਾਂ ਨੂੰ ਕੁਝ ਹਾਸਲ ਨਹੀਂ ਹੋਇਆ। ਇਸ ਕਾਰਨ ਆਪਰੇਟਰਾਂ ਵਿੱਚ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ।
ਆਪਰੇਟਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 19 ਅਗਸਤ ਦੀ ਹੜਤਾਲ ਦੌਰਾਨ ਸੂਬੇ ਭਰ ਦੇ ਫਰਦ ਕੇਂਦਰ ਪੂਰੀ ਤਰ੍ਹਾਂ ਬੰਦ ਰਹਿਣਗੇ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੋਨੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਇਸ ਲਈ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਅਤੇ ਕਾਮਿਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।
ਇਸ ਮੌਕੇ ਕੁਲਵਿੰਦਰ ਸਿੰਘ, ਵਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਸੁਖਬੀਰ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਮਨਦੀਪ ਖਾਨ, ਗੁਰਵਿੰਦਰ ਸਿੰਘ ਗੁਰੀ, ਬਲਦੇਵ ਦਾਸ ਅਤੇ ਸੁੱਖੀ ਲੌਂਗੋਵਾਲ ਸਮੇਤ ਹੋਰ ਆਗੂ ਤੇ ਆਪਰੇਟਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH