ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੀ ਸੁਰੱਖਿਆ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ
30 ਅਗਸਤ ਤੱਕ ਕਪੂਰਥਲਾ ਜ਼ਿਲ੍ਹੇ ਵਿੱਚ 57,800 ਗਾਵਾਂ ਦਾ ਕੀਤਾ ਜਾਵੇਗਾ ਟੀਕਾਕਰਨ ਕਪੂਰਥਲਾ, 18 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਕਪੂਰਥਲਾ ਜ਼ਿਲ੍ਹੇ ਵਿੱਚ ਵਿਆਪਕ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ
ਪਸ਼ੂ ਪਾਲਣ ਵਿਭਾਗ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਕਰਦੇ ਡਾਕਟਰ।


30 ਅਗਸਤ ਤੱਕ ਕਪੂਰਥਲਾ ਜ਼ਿਲ੍ਹੇ ਵਿੱਚ 57,800 ਗਾਵਾਂ ਦਾ ਕੀਤਾ ਜਾਵੇਗਾ ਟੀਕਾਕਰਨ

ਕਪੂਰਥਲਾ, 18 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਕਪੂਰਥਲਾ ਜ਼ਿਲ੍ਹੇ ਵਿੱਚ ਵਿਆਪਕ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਕਰੀਬ 57,800 ਗਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ ਅਤੇ ਵਿਭਾਗ ਵੱਲੋਂ 30 ਅਗਸਤ ਤੱਕ ਸਾਰੀਆਂ ਯੋਗ ਗਾਵਾਂ ਨੂੰ ਟੀਕਾ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।

ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਲੰਪੀ ਸਕਿਨ ਇੱਕ ਛੂਤਕਾਰੀ ਵਾਇਰਲ ਬੀਮਾਰੀ ਹੈ, ਜਿਸ ਕਾਰਨ ਪਸ਼ੂਆਂ ਦੀ ਸਿਹਤ ਦੇ ਨਾਲ-ਨਾਲ ਦੁੱਧ ਉਤਪਾਦਨ ਪ੍ਰਭਾਵਿਤ ਹੋ ਸਕਦਾ ਹੈ ਅਤੇ ਪਸ਼ੂ ਪਾਲਕਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੀਕਾਕਰਨ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਅਹਿਮ ਉਪਾਅ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪਸ਼ੂ ਵਿੱਚ ਬੁਖਾਰ, ਚਮੜੀ ’ਤੇ ਉਭਾਰ ਜਾਂ ਗੰਢਾਂ, ਸੋਜ ਅਤੇ ਦੁੱਧ ਉਤਪਾਦਨ ਵਿੱਚ ਕਮੀ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਵੈਟਰਨਰੀ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਪਸ਼ੂ ਸ਼ੈੱਡਾਂ ਦੀ ਸਫ਼ਾਈ ਰੱਖਣ, ਸਾਫ਼ ਪਾਣੀ ਅਤੇ ਸੰਤੁਲਿਤ ਖੁਰਾਕ ਦੇਣ ਅਤੇ ਸ਼ੱਕੀ ਜਾਂ ਸੰਕਰਮਿਤ ਪਸ਼ੂ ਨੂੰ ਹੋਰ ਪਸ਼ੂਆਂ ਤੋਂ ਵੱਖ ਰੱਖਣ ਦੀ ਸਲਾਹ ਦਿੱਤੀ।

ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਹਿਸੀਲ ਪੱਧਰ ’ਤੇ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਦੀਆਂ ਹਦਾਇਤਾਂ ਅਨੁਸਾਰ ਮੁਹਿੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸਾਰੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵੈਟਰਨਰੀ ਟੀਮਾਂ ਨੂੰ ਸਹਿਯੋਗ ਦੇਣ ਅਤੇ ਆਪਣੀਆਂ ਗਾਵਾਂ ਦਾ ਟੀਕਾਕਰਨ ਯਕੀਨੀ ਬਣਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande