
ਬਟਾਲਾ, 18 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਤਕੋਹਾ ਦੇ ਰਵਾਇਤੀ ਪਾਰਟੀਆਂ ਨਾਲ ਸਬੰਧਤ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਪ੍ਰਧਾਨ ਵੀਨੂੰ ਕਾਹਲੋਂ ਅਤੇ ਪਿੰਡ ਦੇ ਵਲੰਟੀਅਰ ਵੀ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਧ ਰਿਹਾ ਵਿਸ਼ਵਾਸ ਪਾਰਟੀ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਦੀ ਗਵਾਹੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸੇ ਭਰੋਸੇ ਸਦਕਾ ‘ਆਪ’ ਪਰਿਵਾਰ ਦਾ ਕਾਫਲਾ ਲਗਾਤਾਰ ਵੱਡਾ ਹੋ ਰਿਹਾ ਹੈ।
ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਮਹਿਲਾ ਸਸ਼ਕਤੀਕਰਨ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਲਏ ਗਏ ਵੱਖ-ਵੱਖ ਫੈਸਲਿਆਂ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ, ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ, 600 ਯੂਨਿਟ ਤੱਕ ਮੁਫ਼ਤ ਬਿਜਲੀ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਸਿਹਤ ਸਹੂਲਤਾਂ ਅਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਸਮੇਤ ਕਈ ਲੋਕ ਪੱਖੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਤੀਰਥ ਯਾਤਰਾ ਅਤੇ ਕਿਰਤੀਆਂ ਦੇ ਹਿੱਤ ਵਿੱਚ ਵੀ ਕਈ ਫੈਸਲੇ ਲਏ ਗਏ ਹਨ।
ਬਟਾਲਾ ਹਲਕੇ ਦੇ ਵਿਕਾਸ ਸਬੰਧੀ ਵਿਧਾਇਕ ਨੇ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦਕਿ ਕਈ ਕੰਮ ਪ੍ਰਗਤੀ ਅਧੀਨ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਬਟਾਲਾ ਹਲਕੇ ਦੇ ਚਹੁੰਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH