
ਅੰਮ੍ਰਿਤਸਰ, 18 ਅਗਸਤ (ਹਿੰ.ਸ.)| ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅਪਰਾਧ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਜੰਡਿਆਲਾ ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗੁਪਤ ਸੂਚਨਾ ਅਤੇ ਜਾਂਚ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ .32 ਬੋਰ ਦੀ ਪਿਸਤੌਲ, ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਹਥਿਆਰ ਅਤੇ ਕਾਰਤੂਸ ਕਬਜ਼ੇ ਵਿੱਚ ਲੈ ਕੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਮੁਲਜ਼ਮਾਂ ਕੋਲ ਇਹ ਨਾਜਾਇਜ਼ ਹਥਿਆਰ ਕਿੱਥੋਂ ਆਇਆ ਅਤੇ ਉਹ ਇਸ ਦੀ ਵਰਤੋਂ ਕਿਸ ਮਕਸਦ ਲਈ ਕਰਨ ਵਾਲੇ ਸਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਮੁਲਜ਼ਮਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਕਿਸੇ ਅਪਰਾਧਿਕ ਨੈੱਟਵਰਕ ਨਾਲ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਮਾਮਲੇ ਸਬੰਧੀ ਅਹਿਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਇਲਾਕੇ ਵਿੱਚ ਅਪਰਾਧ ਨੂੰ ਰੋਕਣ ਲਈ ਚੈਕਿੰਗ ਅਤੇ ਨਿਗਰਾਨੀ ਹੋਰ ਸਖ਼ਤ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਹਥਿਆਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਖ਼ਿਲਾਫ਼ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH