
8 ਕਿਲੋ 536 ਗ੍ਰਾਮ ਹੈਰੋਇਨ, 8 ਨਾਜਾਇਜ਼ ਪਿਸਤੌਲ, 12.95 ਲੱਖ ਰੁਪਏ ਦੀ ਡਰੱਗ ਮਨੀ ਤੇ 4 ਜ਼ਿੰਦਾ ਕਾਰਤੂਸ ਬਰਾਮਦ
ਅੰਮ੍ਰਿਤਸਰ, 19 ਅਗਸਤ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਕਿਲੋ 536 ਗ੍ਰਾਮ ਹੈਰੋਇਨ, 8 ਨਾਜਾਇਜ਼ ਪਿਸਤੌਲ, 12 ਲੱਖ 95 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਵਿਦੇਸ਼ਾਂ ਤੋਂ ਉਨ੍ਹਾਂ ਨੂੰ ਨਾਜਾਇਜ਼ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਮੁਹੱਈਆ ਕਰਵਾਈਆਂ ਜਾਂਦੀਆਂ ਸਨ, ਜਿਸ ਤੋਂ ਬਾਅਦ ਇਹ ਮੁਲਜ਼ਮ ਇਨ੍ਹਾਂ ਨੂੰ ਅੱਗੇ ਸਥਾਨਕ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦੇ ਸਨ। ਇਸ ਕਾਰਵਾਈ ਸਬੰਧੀ ਪੁਲਿਸ ਵੱਲੋਂ ਥਾਣਾ ਕੈਂਟੋਨਮੈਂਟ ਅਤੇ ਥਾਣਾ ਛੇਹਰਟਾ ਵਿੱਚ ਕੁੱਲ ਤਿੰਨ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਇਸ ਪੂਰੇ ਨੈੱਟਵਰਕ ਨਾਲ ਜੁੜੀਆਂ ਹੋਰ ਕੜੀਆਂ ਦਾ ਪਤਾ ਲਗਾਇਆ ਜਾ ਸਕੇ।
ਜਾਂਚ ਦੌਰਾਨ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਨਸ਼ੇ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਕਿੱਥੋਂ ਭੇਜੀਆਂ ਜਾਂਦੀਆਂ ਸਨ ਅਤੇ ਇਨ੍ਹਾਂ ਨੂੰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਇਆ ਜਾਂਦਾ ਸੀ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਅਤੇ ਸਥਾਨਕ ਅਪਰਾਧਿਕ ਨੈੱਟਵਰਕ ਵਿਚਕਾਰ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਮੁੱਖ ਧਿਆਨ ਇਨ੍ਹਾਂ ਨੈੱਟਵਰਕਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲਣ ’ਤੇ ਹੈ। ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਨਸ਼ਾ ਤੇ ਹਥਿਆਰਾਂ ਦੀ ਸਪਲਾਈ ਚੇਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH