ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਰਬ ਸਾਂਝੀਵਾਲਤਾ ਤੇ ਬਰਾਬਰੀ ਦਾ ਸੰਦੇਸ਼ ਦਿੰਦੀ ਹੈ: ਮੋਹਿੰਦਰ ਭਗਤ
ਜਲੰਧਰ, 19 ਅਗਸਤ (ਹਿੰ.ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਸਰਬ ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ
ਸੰਬੋਧਨ ਕਰਦੇ ਹੋਏ  ਮੰਤਰੀ ਮੋਹਿੰਦਰ ਭਗਤ।


ਜਲੰਧਰ, 19 ਅਗਸਤ (ਹਿੰ.ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਸਰਬ ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਹੀ ਬਰਾਬਰੀ ਅਤੇ ਨਿਆਂ ’ਤੇ ਆਧਾਰਿਤ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡੀ.ਏ.ਵੀ. ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ, ਜਿਸ ਵਿੱਚ ਕਿਸੇ ਕਿਸਮ ਦਾ ਵਿਤਕਰਾ, ਸ਼ੋਸ਼ਣ ਜਾਂ ਅਸਮਾਨਤਾ ਨਾ ਹੋਵੇ। ਗੁਰੂ ਜੀ ਦਾ ਫਲਸਫਾ ਬਰਾਬਰੀ, ਨਿਆਂ, ਦਇਆ ਅਤੇ ਆਪਸੀ ਸਨਮਾਨ ’ਤੇ ਆਧਾਰਿਤ ਸਮਾਜ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਮਨੁੱਖਤਾ ਅਤੇ ਸਮਾਜਿਕ ਬਰਾਬਰੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸਾਲ ਭਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਨੇੜੇ ਨੌਗਜ਼ਾ ਫਰੀਦਪੁਰ ਵਿਖੇ 10.4 ਏਕੜ ਰਕਬੇ ਵਿੱਚ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰਾਂ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ। ਵਿਸ਼ੇਸ਼ ਮੋਬਾਈਲ ਵੈਨਾਂ ਰਾਹੀਂ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ। ਸੈਮੀਨਾਰ ਵਿੱਚ ਭੈਣ ਸੰਤੋਸ਼, ਸੰਤ ਨਿਰਮਲ ਦਾਸ, ਸੰਤ ਪ੍ਰਦੀਪ ਦਾਸ ਅਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਸਮੇਤ ਹੋਰ ਵਿਸ਼ੇਸ਼ ਬੁਲਾਰਿਆਂ ਨੇ ਵੀ ਵਿਚਾਰ ਸਾਂਝੇ ਕੀਤੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande