
ਫ਼ਤਹਿਗੜ ਸਾਹਿਬ, 02 ਅਗਸਤ (ਹਿੰ.ਸ.)| ਭਾਰਤ ਚੋਣ ਕਮਿਸ਼ਨ ਨੇ ਫ਼ਤਹਿਗੜ ਸਾਹਿਬ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਭੇਜੀ ਗਈ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 544 ਤੋਂ ਵੱਧ ਕੇ 573 ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦਿੱਤੀ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਇਸ ਸਬੰਧੀ ਤਿਆਰ ਕੀਤੀ ਗਈ ਤਜਵੀਜ਼ 'ਤੇ ਪਹਿਲਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀ ਸਹਿਮਤੀ ਮਿਲਣ ਤੋਂ ਬਾਅਦ ਇਸ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ ਨੂੰ ਭੇਜਿਆ ਗਿਆ ਸੀ, ਜਿਸ ਨੂੰ ਹੁਣ ਅੰਤਿਮ ਮਨਜ਼ੂਰੀ ਮਿਲ ਗਈ ਹੈ।
ਮਨਜ਼ੂਰੀ ਤੋਂ ਬਾਅਦ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 178 ਤੋਂ ਵੱਧ ਕੇ 183 ਹੋ ਗਈ ਹੈ, ਜਿੱਥੇ 5 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵਿਧਾਨ ਸਭਾ ਹਲਕਾ ਫ਼ਤਹਿਗੜ ਸਾਹਿਬ ਵਿੱਚ ਇਹ ਗਿਣਤੀ 200 ਤੋਂ ਵੱਧ ਕੇ 214 ਹੋ ਗਈ ਹੈ, ਜਿੱਥੇ 14 ਨਵੇਂ ਪੋਲਿੰਗ ਸਟੇਸ਼ਨ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਅਮਲੋਹ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 166 ਤੋਂ ਵੱਧ ਕੇ 176 ਹੋ ਗਈ ਹੈ, ਜਿੱਥੇ 10 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਇਸ ਪ੍ਰਵਾਨਿਤ ਰੈਸ਼ਨਲਾਈਜ਼ੇਸ਼ਨ ਬਾਰੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੋਟਰਾਂ ਨੂੰ ਹੋਰ ਸੁਵਿਧਾਜਨਕ ਅਤੇ ਸੁਚਾਰੂ ਢੰਗ ਨਾਲ ਵੋਟ ਪਾਉਣ ਦੀ ਸਹੂਲਤ ਮਿਲੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH